For the best experience, open
https://m.punjabitribuneonline.com
on your mobile browser.
Advertisement

ਜ਼ਹਿਰੀਲੀ ਸ਼ਰਾਬ ਕਾਂਡ: ਮ੍ਰਿਤਕਾਂ ਦੇ ਘਰ ਪੁੱਜੇ ਚਰਨਜੀਤ ਸਿੰਘ ਚੰਨੀ

10:16 AM Mar 29, 2024 IST
ਜ਼ਹਿਰੀਲੀ ਸ਼ਰਾਬ ਕਾਂਡ  ਮ੍ਰਿਤਕਾਂ ਦੇ ਘਰ ਪੁੱਜੇ ਚਰਨਜੀਤ ਸਿੰਘ ਚੰਨੀ
ਸੁਨਾਮ ਦੇ ਟਿੱਬੀ ਰਵੀਦਾਸਪੁਰਾ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮ੍ਰਿਤਕ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 28 ਮਾਰਚ
ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਥਾਨਕ ਟਿੱਬੀ ਰਵਿਦਾਸਪੁਰਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਅੱਜ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਦੋਸ਼ ਲਾਇਆ ਕਿ ਮੌਤਾਂ ਲਈ ਸਮੇਂ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘੱਟੋ-ਘੱਟ 50-50 ਲੱਖ ਰੁਪਏ ਮੁਆਵਜ਼ਾ ਅਤੇ ਘਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਵਕਾਲਤ ਕੀਤੀ।
ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਸਫਲਤਾ ਕਾਰਨ ਹੀ ਇਹ ਮੌਤਾਂ ਹੋਈਆਂ ਹਨ। ਸਰਕਾਰ ਦੀ ਮਿਲੀਭੁਗਤ ਨਾਲ ਸ਼ਰਾਬ ਮਾਫੀਆ ਸੂਬੇ ’ਚ ਸਰਗਰਮ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਹੁਣ ਮਜ਼ਦੂਰ ਪਰਿਵਾਰਾਂ ਨੂੰ ਕੁਝ ਰੁਪਏ ਦੇ ਕੇ ਚੁੱਪ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੌਤਾਂ ਲਈ ਜ਼ਿੰਮੇਵਾਰ ਮੰਤਰੀਆਂ ਖਿਲਾਫ਼ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਆਪਣੇ ਜੱਦੀ ਜ਼ਿਲ੍ਹੇ ਅੰਦਰ ਮਜ਼ਦੂਰ ਪਰਿਵਾਰਾਂ ਦੀਆਂ ਹੋਈਆਂ ਮੌਤਾਂ ਕਿਉਂ ਵਿਖਾਈ ਨਹੀਂ ਦੇ ਰਹੀਆਂ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮਜ਼ਦੂਰ ਤੇ ਗਰੀਬ ਪਰਿਵਾਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।

Advertisement

ਨਸ਼ੇ ਨੇ ਲਈ ਨੌਜਵਾਨ ਦੀ ਜਾਨ

ਲਹਿਰਾਗਾਗਾ (ਪੱਤਰ ਪ੍ਰੇਰਕ): ਨੇੜਲੇ ਪਿੰਡ ਲਹਿਲ ਕਲਾਂ ਵਿੱਚ ਨਸ਼ਿਆਂ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵੀਰ ਸਿੰਘ (28) ਪੁੱਤਰ ਬਿੱਕਰ ਸਿੰਘ ਵਾਸੀ ਲਹਿਲ ਕਲਾਂ ਵਜੋਂ ਹੋਈ ਹੈ। ਸਦਰ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਿੱਕਰ ਸਿੰਘ ਨੇ ਪੁਲੀਸ ਕੋਲ ਬਿਆਨ ਲਿਖਵਾਏ ਹਨ ਜਿਸ ਵਿੱਚ ਕਿਹਾ ਗਿਆ ਹੈ ਕਿ ਉਸ ਦਾ ਪੁੱਤਰ ਲਖਵੀਰ ਸਿੰਘ ਪਿਛਲੇ ਚਾਰ ਪੰਜ ਸਾਲ ਤੋਂ ਕਥਿਤ ਨਸ਼ਾ ਕਰਨ ਦਾ ਆਦੀ ਸੀ। ਨਸ਼ੇ ਕਾਰਨ ਉਸ ਦੀ ਤਬੀਅਤ ਕੱਲ੍ਹ ਅਚਾਨਕ ਖ਼ਰਾਬ ਹੋ ਗਈ। ਉਸ ਨੂੰ ਇਲਾਜ ਲਈ ਸੁਨਾਮ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਲਹਿਰਾਗਾਗਾ ਸਦਰ ਪੁਲੀਸ ਨੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਸ਼ਰਾਬ ਪੀਣ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ

ਪਾਤੜਾਂ (ਪੱਤਰ ਪ੍ਰੇਰਕ): ਪਿੰਡ ਮੌਲਵੀਵਾਲਾ ਦੇ ਇਕ ਵਿਅਕਤੀ ਦੀ ਸ਼ਰਾਬ ਪੀਣ ਨਾਲ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਇਕ ਵਿਅਕਤੀ ਦੀ ਮੌਤ ਹੋਈ ਸੀ। ਦੋਨਾਂ ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਉਪਰੰਤ ਸਸਕਾਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੁਲੀਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

Advertisement
Author Image

sukhwinder singh

View all posts

Advertisement
Advertisement
×