ਜ਼ਹਿਰੀਲੀ ਸ਼ਰਾਬ: ਅਧਿਕਾਰੀਆਂ ਵੱਲੋਂ ਪਿੰਡ ਗੁੱਜਰਾਂ ਤੇ ਢੰਡੋਲੀ ਖੁਰਦ ਦਾ ਦੌਰਾ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 27 ਮਾਰਚ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਪਿੰਡ ਗੁੱਜਰਾਂ ਅਤੇ ਪਿੰਡ ਢੰਡੋਲੀ ਖੁਰਦ ਵਿੱਚ ਮ੍ਰਿਤਕਾਂ ਦੇ ਘਰਾਂ ’ਚ ਜਾ ਕੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ-ਸਮਾਜਿਕ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਉਨ੍ਹਾਂ ਪਿੰਡਾਂ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਸਭ ਦੇ ਮਿਲਵਰਤਨ ਨਾਲ ਇਸ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ’ਤੇ ਖ਼ਾਤਮਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਸਿਵਲ ਹਸਪਤਾਲ ਸੰਗਰੂਰ ਤੋਂ 15 ਹੋਰ ਮਰੀਜ਼ਾਂ ਨੂੰ ਤੰਦਰੁਸਤ ਹੋਣ ਉਪਰੰਤ ਘਰਾਂ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਸਪਤਾਲਾਂ ਵਿੱਚੋਂ ਤੰਦਰੁਸਤ ਹੋ ਕੇ ਪਰਤੇ ਇਨ੍ਹਾਂ ਵਿਅਕਤੀਆਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਰੱਖੀ ਜਾਵੇ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ‘ਤੇ ਅਧਾਰਤ ਸਾਂਝੀਆ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ ਅਤੇ ਪੀੜਤਾਂ ਨਾਲ ਰਾਬਤਾ ਰੱਖ ਰਹੀਆਂ ਹਨ ਤਾਂ ਜੋ ਕੋਈ ਵੀ ਅਜਿਹਾ ਵਿਅਕਤੀ ਮੈਡੀਕਲ ਸੁਵਿਧਾ ਤੋਂ ਵਾਂਝਾ ਨਾ ਰਹੇ ਜਿਸ ਵੱਲੋਂ ਪਿਛਲੇ ਦਿਨਾਂ ਵਿੱਚ ਇਹੋ ਜਿਹੀ ਮਿਲਾਵਟੀ ਸ਼ਰਾਬ ਦਾ ਸੇਵਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਘਰ ਕਿਸੇ ਵੀ ਮਾਤਰਾ ਵਿੱਚ ਇਹ ਮਿਲਾਵਟੀ ਸ਼ਰਾਬ ਪਈ ਹੈ ਤਾਂ ਉਹ ਇਸ ਬਾਰੇ ਸੂਚਨਾ ਪੁਲੀਸ ਹੈਲਪ ਲਾਈਨ ਨੰਬਰ 112 ਉੱਤੇ ਜਰੂਰ ਦੇਵੇ ਤਾਂ ਜੋ ਕਿਸੇ ਵੀ ਵਿਅਕਤੀ ਦਾ ਭਵਿੱਖ ਵਿੱਚ ਜਾਨੀ ਨੁਕਸਾਨ ਨਾ ਹੋ ਸਕੇ। ਇਸ ਦੌਰਾਨ ਅਧਿਕਾਰੀਆਂ ਨੇ ਸੁਨਾਮ ਟਿੱਬੀ ਵਿੱਚ ਵੀ ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਦੁੱਖ ਸਾਂਝਾ ਕੀਤਾ।
ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ: ਚੰਦੂਮਾਜਰਾ
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸ਼੍ਰੋਮਣੀ ਅਕਾਲੀ ਦੱਲ ਵੱਲੋਂ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਪ੍ਰਧਾਨਗੀ ਹੇਠ ਦੇਵੀਗੜ੍ਹ, ਭੁਨਰਹੇੜੀ ਅਤੇ ਬਲਬੇੜਾ ਸਰਕਲਾਂ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਚੋਣਾਂ ਦੌਰਾਨ ਇਹ ਅਫ਼ਵਾਹਾਂ ਫੈਲਾਈਆਂ ਜਾਂਦੀਆਂ ਹਨ ਕਿ ਉਹ ਆਪਣਾ ਹਲਕਾ ਛੱਡ ਕੇ ਆਪਣੇ ਪਿਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਚਲੇ ਜਾਂਦੇ ਹਨ ਅਤੇ ਆਪਣੇ ਹਲਕੇ ਨੂੰ ਖਾਲੀ ਛੱਡ ਜਾਂਦੇ ਹਨ। ਉਨ੍ਹਾਂ ਨੇ ਇਨ੍ਹਾਂ ਅਫ਼ਵਾਹਾਂ ਨੂੰ ਵਿਰਾਮ ਲਾਉਂਦਿਆਂ ਦੱਸਿਆ ਕਿ ਉਹ ਆਪਣਾ ਹਲਕਾ ਸਨੌਰ ਨੂੰ ਛੱਡ ਕੇ ਕਿਤੇ ਨਹੀਂ ਜਾਣਗੇ ਅਤੇ ਆਖ਼ਰੀ ਸਾਹਾਂ ਤੱਕ ਇੱਥੋਂ ਹੀ ਵਿਧਾਨ ਸਭਾ ਹਲਕਾ ਸਨੌਰ ਤੋਂ ਹੀ ਚੋਣ ਲੜਨਗੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜੋ ਸ਼੍ਰੋਮਣੀ ਅਕਾਲੀ ਦੱਲ ਬਾਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕੀਤੀ ਗਈ ਹੈ ਉਸ ਤਹਿਤ ਵਿਧਾਨ ਸਭਾ ਹਲਕਾ ਸਨੌਰ ਵਿੱਚ ਵੀ ਇਹ ਯਾਤਰਾ 3 ਅਪਰੈਲ ਨੂੰ ਪਹੁੰਚੇਗੀ। ਇਸ ਦੌਰਾਨ ਪਹਿਲਾਂ ਇੱਥੇ ਭਰਵੀਂ ਰੈਲੀ ਕੀਤੀ ਜਾਵੇਗੀ ਜਿਸ ਦੇ ਸਬੰਧ ਵਿੱਚ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਵਿੱਚ ਨਕਲੀ ਸ਼ਰਾਬ ਨਾਲ ਵਾਪਰੀ ਘਟਨਾ ਕਾਰਨ 21 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ ਜਿਸ ਦੀ ਉਨ੍ਹਾਂ ਨਿੰਦਾ ਕਰਦਿਆਂ ਇਸ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।