For the best experience, open
https://m.punjabitribuneonline.com
on your mobile browser.
Advertisement

ਪੁਲੀਸ ਵੱਲੋਂ ਬੱਸ ਅੱਡੇ ਤੇ ਰੇਲਵੇ ਸਟੇਸ਼ਨ ’ਤੇ ਚੈਕਿੰਗ

07:11 AM Apr 09, 2024 IST
ਪੁਲੀਸ ਵੱਲੋਂ ਬੱਸ ਅੱਡੇ ਤੇ ਰੇਲਵੇ ਸਟੇਸ਼ਨ ’ਤੇ ਚੈਕਿੰਗ
ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮ ਬੱਸ ਅੱਡੇ ’ਤੇ ਤਲਾਸ਼ੀ ਲੈਂਦੇ ਹੋਏ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 8 ਅਪਰੈਲ
ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਚਲਦਿਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਚੰਡੀਗੜ੍ਹ ਪੁਲੀਸ ਮੁਸਤੈਦ ਹੈ। ਪੁਲੀਸ ਵੱਲੋਂ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਚੰਡੀਗੜ੍ਹ ਪੁਲੀਸ ਨੇ ਅੱਜ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਪੁਖਤਾ ਰੱਖਣ ਲਈ ਸ਼ਹਿਰ ਦੇ ਸੈਕਟਰ-43 ਤੇ 17 ਵਾਲੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨ ’ਤੇ ਤਲਾਸ਼ੀ ਮੁਹਿੰਮ ਚਲਾਈ। ਪੁਲੀਸ ਨੇ ਬੱਸ ਅੱਡੇ ਤੇ ਰੇਲਵੇ ਸਟੇਸ਼ਨ ’ਤੇ ਮੌਜੂਦ ਲੋਕਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਅਤੇ ਲੋਕਾਂ ਦੀ ਸ਼ਨਾਖਤ ਵੀ ਜਾਂਚੀ ਗਈ। ਇਸ ਦੌਰਾਨ ਪੁਲੀਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ, ਜਿਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਪੁਲੀਸ ਨੇ ਛੱਡ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਵੱਲੋਂ ਰੋਜ਼ਾਨਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ। ਫਲੈਗ ਮਾਰਚ ਰਾਹੀਂ ਪੁਲੀਸ ਲੋਕਾਂ ਨੂੰ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀ ਅਪੀਲ ਕਰ ਰਹੀ ਹੈ।
ਦੂਜੇ ਪਾਸੇ ਪੁਲੀਸ ਵੱਲੋਂ ਵੱਖ-ਵੱਖ ਕੇਸਾਂ ਵਿੱਚ ਨਾਮਜ਼ਦ ਮੁਲਜ਼ਮ, ਜੋ ਕਿ ਜ਼ਮਾਨਤ ’ਤੇ ਜਾਂ ਪੈਰੋਲ ’ਤੇ ਬਾਹਰ ਆਏ ਹੋਏ ਹਨ, ਉਨ੍ਹਾਂ ਦੇ ਘਰ-ਘਰ ਪਹੁੰਚ ਕੇ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਪਰਾਧਕ ਪਿਛੋਕੜ ਵਾਲੇ ਨੌਜਵਾਨਾਂ ਦੀ ਵੀ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਤੇ ਯੂਟੀ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਚੋਣਾਂ ਦੌਰਾਨ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

Advertisement

Advertisement
Author Image

Advertisement
Advertisement
×