ਪੁਲੀਸ ਕਮਿਸ਼ਨਰ ਵੱਲੋਂ ਥਾਣਿਆਂ ਦੀ ਚੈਕਿੰਗ
ਹਤਿੰਦਰ ਮਹਿਤਾ
ਜਲੰਧਰ, 3 ਅਕਤੂਬਰ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੀਰਵਾਰ ਨੂੰ ਸ਼ਹਿਰ ਦੇ ਥਾਣਾ ਡਿਵੀਜ਼ਨ ਨੰਬਰ 7 ਅਤੇ 8 ਵਿੱਚ ਚੈਕਿੰਗ ਕੀਤੀ। ਚੈਕਿੰਗ ਦੌਰਾਨ ਪੁਲੀਸ ਕਮਿਸ਼ਨਰ ਨੇ ਇਨ੍ਹਾਂ ਥਾਣਿਆਂ ਵਿੱਚ ਬਕਾਇਆ ਪਏ ਕੇਸਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਕਲੀਅਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਸਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰਵਾਜਬ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਦੀ ਅਜਿਹੀ ਢਿੱਲ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਲੰਬਿਤ ਕੇਸਾਂ ਨੂੰ ਨਿਪਟਾਉਣ ਲਈ ਪੁਲੀਸ ਨੂੰ ਸਮਾਂ ਸੀਮਾ ਨਿਰਧਾਰਤ ਕਰਦਿਆਂ ਪੁਲੀਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਾਰੇ ਕੇਸਾਂ ਨੂੰ ਇਸ ਦੇ ਤਰਕਪੂਰਨ ਸਿੱਟੇ ’ਤੇ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲੀਸ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ੍ਰੀ ਸਵਪਨ ਸ਼ਰਮਾ ਨੇ ਸਪੱਸ਼ਟ ਕਿਹਾ ਕਿ ਪੁਲਿਸ ਅਧਿਕਾਰੀਆਂ ਵੱਲੋਂ ਇਨ੍ਹਾਂ ਮਾਮਲਿਆਂ ਨਾਲ ਨਜਿੱਠਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਵਰਤੀ ਜਾਵੇਗੀ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਪੁਲੀਸ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜੇਕਰ 72 ਘੰਟਿਆਂ ਦੇ ਅੰਦਰ ਚਲਾਨ ਚੈਕਿੰਗ ਨਾ ਕੀਤੀ ਗਈ ਤਾਂ ਏ.ਸੀ.ਪੀਜ਼ ਅਤੇ ਏ.ਡੀ.ਸੀ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।