ਪੁਲੀਸ ਵੱਲੋਂ ਰੇਲਵੇ ਸਟੇਸ਼ਨਾਂ ’ਤੇ ਤਲਾਸ਼ੀ ਮੁਹਿੰਮ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਅਪਰੈਲ
ਪੁਲੀਸ ਵੱਲੋਂ ਅੱਜ ਸਥਾਨਕ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ੱਕੀ ਵਿਅਕਤੀ ਦੀਆਂ ਜਾਂਚ ਅਤੇ ਪੁੱਛ-ਗਿੱਛ ਕੀਤੀ ਗਈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਅਤੇ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ ਜਿਸ ਦੀ ਲਗਾਤਾਰਤਾ ਵਿੱਚ ਅੱਜ ਏਸੀਪੀ ਨੌਰਥ ਕਮਲਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਗੁਰਪ੍ਰੀਤ ਸਿੰਘ ਸਮੇਤ ਪੁਲੀਸ ਪਾਰਟੀ ਤੇ ਆਰ.ਪੀ.ਐਫ ਅਤੇ ਜੀ.ਆਰ.ਪੀ ਦੇ ਜਵਾਨਾਂ ਵਲੋਂ ਰੇਲਵੇ ਸਟੇਸ਼ਨ ਵਿੱਚ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਰੇਲਵੇ ਸਟੇਸ਼ਨ ਦੇ ਅੰਦਰ ਅਤੇ ਬਾਹਰ ਲੋਕਾਂ ਦੀ ਚੈਕਿੰਗ ਕੀਤੀ ਗਈ। ਸ਼ੱਕੀ ਵਿਅਕਤੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਤੇ ਬਾਰੀਕੀ ਨਾਲ ਪੁੱਛ-ਗਿੱਛ ਵੀ ਕੀਤੀ।
ਜਲੰਧਰ (ਹਤਿੰਦਰ ਮਹਿਤਾ): ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਨੇ ਜਲੰਧਰ ਸ਼ਹਿਰ ਅਤੇ ਕੈਂਟ ਰੇਲਵੇ ਸਟੇਸ਼ਨਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਅਪਰੇਸ਼ਨ ਦੀ ਅਗਵਾਈ ਏਡੀਸੀਪੀ ਤੇਜਬੀਰ ਸਿੰਘ ਅਤੇ ਏਡੀਸੀਪੀ ਹੈੱਡਕੁਆਰਟਰ ਸੁਖਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਦੌਰਾਨ ਜਲੰਧਰ ਪੁਲੀਸ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਹੈ। ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਪ੍ਰਕਿਰਿਆ ਬੀਰ ਪਿੰਡ ਸਥਿਤ ਗ੍ਰੀਨ ਪਲੈਨੇਟ ਐਨਰਜੀ ਪਲਾਂਟ ਪ੍ਰਾਈਵੇਟ ਲਿਮਟਿਡ ਵਿੱਚ ਹੋਈ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 15 ਕੁਇੰਟਲ ਭੁੱਕੀ, 2 ਕਿਲੋ 616 ਗ੍ਰਾਮ ਹੈਰੋਇਨ, 316 ਗੋਲੀਆਂ, 6 ਕਿਲੋ ਗਾਂਜਾ, 10 ਗ੍ਰਾਮ ਨਸ਼ੀਲਾ ਪਾਊਡਰ ਸ਼ਾਮਲ ਹੈ।