‘ਆਪ’ ਵਿਧਾਇਕ ਗੋਇਲ ਨੂੰ ਪੁਲੀਸ ਵੱਲੋਂ ਨੋਟਿਸ
ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜਨਵਰੀ
ਦਿੱਲੀ ਪੁਲੀਸ ਨੇ ਗੈਰ-ਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ’ਤੇ ਕਾਰਵਾਈ ਦੌਰਾਨ ਜਾਅਲੀ ਦਸਤਾਵੇਜ਼ਾਂ ਦੀ ਖੋਜ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਗੋਇਲ ਅਤੇ ਉਨ੍ਹਾਂ ਦੇ ਸਟਾਫ ਨੂੰ ਇੱਕ ਨੋਟਿਸ ਭੇਜਿਆ ਹੈ। ਸੂਤਰਾਂ ਨੇ ਦੱਸਿਆ ਕਿ ਦਿੱਲੀ ਪੁਲੀਸ ਵੱਲੋਂ ਜ਼ਬਤ ਕੀਤੇ ਗਏ ਜਾਅਲੀ ਦਸਤਾਵੇਜ਼ਾਂ ‘ਤੇ ਗੋਇਲ ਦੇ ਦਸਤਖ਼ਤ ਅਤੇ ਅਧਿਕਾਰਤ ਮੋਹਰ ਮਿਲੀ ਹੈ। ਦਿੱਲੀ ਪੁਲੀਸ ਵੱਲੋਂ ਵਿਧਾਇਕ ਦੇ ਕਬਜ਼ੇ ਤੋਂ ਕਥਿਤ ਤੌਰ ’ਤੇ ਜਾਅਲੀ ਦਸਤਾਵੇਜ਼ ਮਿਲਣ ਤੋਂ ਕੁਝ ਦਿਨ ਬਾਅਦ ਇਹ ਕਾਰਵਾਈ ਹੋਈ ਹੈ। ਪੁਲੀਸ ਨੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਗੈਰ-ਕਾਨੂੰਨੀ ਪਰਵਾਸੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਲਈ ਦੋ ਮਹੀਨਿਆਂ ਦੀ ਤਸਦੀਕ ਮੁਹਿੰਮ ਸ਼ੁਰੂ ਕੀਤੀ ਹੈ।
ਪੁਲੀਸ ਨੇ ਪਿਛਲੇ ਕੁਝ ਦਿਨਾਂ ਵਿੱਚ 30 ਤੋਂ ਵੱਧ ਗੈਰ-ਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਨੂੰ ਗ੍ਰਿਫ਼ਤਾਰ ਕਰਕੇ ਦੇਸ਼ ਨਿਕਾਲਾ ਦਿੱਤਾ ਹੈ। ਪੁਲੀਸ ਨੇ ਕੌਮੀ ਰਾਜਧਾਨੀ ਵਿੱਚ ਰਹਿ ਰਹੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਆਧਾਰ ਕਾਰਡ ਅਤੇ ਹੋਰ ਸਰਕਾਰੀ ਪਛਾਣ ਪੱਤਰ ਮੁਹੱਈਆ ਕਰਨ ਲਈ ਜ਼ਿੰਮੇਵਾਰ ਇੱਕ ਗਰੋਹ ਦਾ ਵੀ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ ਦੋ ਬੰਗਲਾਦੇਸ਼ੀ ਨਾਗਰਿਕਾਂ ਸਣੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਵਿੱਚ ਰਹਿ ਰਹੇ ਗੈਰ-ਕਾਨੂੰਨੀ ਬੰਗਲਾਦੇਸ਼ੀਆਂ ‘ਤੇ ਕਾਰਵਾਈ ਕੌਮੀ ਰਾਜਧਾਨੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਗਈ ਹੈ। ਇਸ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਦੂਜੇ ’ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ।