ਮੁੱਖ ਮੰਤਰੀ ਦੀ ਕੋਠੀ ਨੇੜੇ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ; ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ
ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਦਸੰਬਰ
ਇਥੇ ਈਟੀਟੀ ਕਾਡਰ ਦੀ 5994 ਯੂਨੀਅਨ ਅਤੇ 2364 ਯੂਨੀਅਨ ਦੀ ਅਗਵਾਈ ਹੇਠ ਅੱਜ ਸਾਂਝੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਉਸ ਸਮੇਂ ਝੜਪ ਹੋ ਗਈ ਜਦੋਂ ਪ੍ਰਦਰਸ਼ਨਕਾਰੀਆਂ ਨੇ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਲਾਠੀਚਾਰਜ ਵੀ ਕੀਤਾ ਗਿਆ। ਇਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ ਅਤੇ ਮਹਿਲਾਵਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਕਰੀਬ ਇੱਕ ਦਰਜਨ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਉੱਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਅਤੇ ਲੜਕੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ।
ਅੱਜ ਪੰਜਾਬ ਭਰ ਤੋਂ ਵੱਡੀ ਗਿਣਤੀ ਬੇਰੁਜ਼ਗਾਰ ਈਟੀਟੀ ਅਧਿਆਪਕ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ, ਜਿਥੋਂ ਉਹ ਰੋਸ ਮਾਰਚ ਕਰਦੇ ਹੋਏ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ’ਤੇ ਪੁੱਜੇ ਅਤੇ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਲਗਾ ਦਿੱਤਾ। ਕਰੀਬ ਡੇਢ ਘੰਟੇ ਤੱਕ ਹਾਈਵੇਅ ’ਤੇ ਆਵਾਜਾਈ ਠੱਪ ਰੱਖੀ ਗਈ। ਬਾਅਦ ਦੁਪਹਿਰ ਰੋਸ ਮਾਰਚ ਕਰਦੇ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ। ਜਿਉਂ ਹੀ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਨਾਕੇਬੰਦੀ ਤੋੜਦਿਆਂ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਲਾਠੀਚਾਰਜ ਵੀ ਕੀਤਾ ਗਿਆ। ਜ਼ਖ਼ਮੀਆਂ ’ਚ ਪੂਜਾ, ਕਿਰਨ, ਆਕਾਸ਼, ਰਮੇਸ਼ ਅਬੋਹਰ, ਆਦਰਸ਼, ਸੁਖਦੇਵ ਅਬੋਹਰ, ਨੀਲਮ, ਪ੍ਰਿਯੰਕਾ, ਸੀਤਲ, ਸੂਰਜ ਪ੍ਰਕਾਸ਼, ਬੀਰ ਸਿੰਘ ਆਦਿ ਸ਼ਾਮਲ ਹਨ। ਇਸ ਮੌਕੇ ਈਟੀਟੀ ਕਾਡਰ ਦੀਆਂ ਦੋਵੇਂ ਯੂਨੀਅਨਾਂ ਦੇ ਆਗੂਆਂ ਹਰਜੀਤ ਸਿੰਘ ਬੁਢਲਾਡਾ, ਬੰਟੀ ਕੰਬੋਜ਼, ਗੁਰਸੰਗਤ ਬੁਢਲਾਡਾ, ਬੁੱਗਾ ਖੁਡਾਲ, ਬਲਿਹਾਰ ਸਿੰਘ, ਪਰਮਪਾਲ ਫਾਜ਼ਿਲਕਾ ਅਤੇ ਮਨਪ੍ਰੀਤ ਮਾਨਸਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਈਟੀਟੀ 2364 ਅਧਿਆਪਕਾਂ ਦੀ ਭਰਤੀ ਸਬੰਧੀ ਪ੍ਰੋਵਿਜ਼ਨਲ ਸਿਲੈਕਸ਼ਨ ਲਿਸਟਾਂ 25 ਜੁਲਾਈ 2024 ਨੂੰ ਅਤੇ 5994 ਦੀ ਭਰਤੀ ਸਬੰਧੀ ਪ੍ਰੋਵਿਜ਼ਨਲ ਸਿਲੈਕਸ਼ਨ ਲਿਸਟਾਂ 1 ਸਤੰਬਰ 2024 ਨੂੰ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਜੁਆਇਨ ਨਹੀਂ ਕਰਵਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਵਿਦਿਆਰਥੀ ਜਥੇਬੰਦੀ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵੀ ਇਸ ਸੰਘਰਸ਼ ਦੀ ਹਮਾਇਤ ਕੀਤੀ ਗਈ। ਖ਼ਬਰ ਲਿਖੇ ਜਾਣ ਤੱਕ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਨੇੜੇ ਰੋਸ ਧਰਨੇ ’ਤੇ ਡਟੇ ਹੋਏ ਸਨ।