ਮਾਲਵਾ ਖੇਤਰ ਵਿੱਚ ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ
ਪੱਤਰ ਪ੍ਰੇਰਕ
ਮਾਨਸਾ, 2 ਜੁਲਾਈ
ਮਾਲਵਾ ਖੇਤਰ ਵਿੱਚ ਪੰਜਾਬ ਪੁਲੀਸ ਵੱਲੋਂ ਅੱਜ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਨੇ ਵੱਖ-ਵੱਖ ਸ਼ਹਿਰਾਂ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਹੋਰ ਜਨਤਕ ਥਾਵਾਂ ਤੋਂ ਇਲਾਵਾ ਸੰਗੀਨ ਇਲਾਕਿਆਂ ਦੀ ਚੈਕਿੰਗ ਕੀਤੀ। ਪੁਲੀਸ ਵੱਲੋਂ ਇਸ ਖੇਤਰ ਦੇ ਹਰਿਆਣਾ ਨਾਲ ਲੱਗਦੇ ਇਲਾਕੇ ਵੱਲੋਂ ਆਉਂਦੇ-ਜਾਂਦੇ ਵਾਹਨਾਂ ਦੀ ਤਲਾਸ਼ੀ ਲਈ ਗਈ। ਜਾਣਕਾਰੀ ਅਨੁਸਾਰ ਮੁਹਿੰਮ ਦੌਰਾਨ ਪੁਲੀਸ ਦੀਆਂ ਕਈ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ। 2 ਘੰਟੇ ਤੱਕ ਚੱਲੀ ਇਸ ਚੈਕਿੰਗ ਮੁਹਿੰਮ ਵਿੱਚ ਪੁਲੀਸ ਵੱਲੋਂ ਕਈ ਸ਼ੱਕੀ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਤੋਂ ਪੁੱਛ-ਪਡ਼ਤਾਲ ਕੀਤੀ ਜਾ ਰਹੀ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਚੈਕਿੰਗ ਮੁਹਿੰਮ ਵਿੱਚ ਕਈ ਥਾਣਿਆਂ ਦੇ ਐੱਸਐੱਚਓ ਅਤੇ ਡੀਐੱਸਪੀ ਰੈਂਕ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਦੇ ਨਾਲ ਚੈਕਿੰਗ ਅਭਿਆਨ ਚਲਾਇਆ। ਬੱਸ ਅੱਡਿਆਂ ’ਤੇ ਖੜ੍ਹੀਆਂ ਬੱਸਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਲੋਕਾਂ ਦੇ ਬੈਗ ਵੀ ਚੈੱਕ ਕੀਤੇ ਗਏ। ਭਾਵੇਂ ਇਸ ਚੈਕਿੰਗ ਦੌਰਾਨ ਪੁਲੀਸ ਨੂੰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇਸੇ ਦੌਰਾਨ ਡੀਐੱਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਅੱਜ ਵੱਖ-ਵੱਖ ਥਾਵਾਂ ’ਤੇ ਪੁਲੀਸ ਟੀਮਾਂ ਬਣਾ ਕੇ ਚੈਕਿੰਗ ਕੀਤੀ ਗਈ ਹੈ, ਜਿਸ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਹੋਟਲ ਤੇ ਧਰਮਸ਼ਾਲਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਟੇਸ਼ਨ ’ਤੇ ਲੋਕਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਪੁੱਛ-ਪਡ਼ਤਾਲ ਕੀਤੀ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਵੱਲੋਂ ਅੱਜ ਆਹਲਾ ਅਧਿਕਾਰੀਆਂ ਦੀ ਅਗਵਾਈ ’ਚ ਟੀਮਾਂ ਬਣਾ ਕੇ ਅਪਰੇਸ਼ ‘ਵਿਜ਼ਿਲ-2’ ਤਹਿਤ ਤਲਾਸ਼ੀ ਮੁਹਿੰਮ ਚਲਾਈ ਗਈ। ਰੇਲਵੇ ਸਟੇਸ਼ਨ, ਬੱਸ ਸਟੈਂਡ, ਹੋਟਲ, ਸਰਾਵਾਂ ਤੋਂ ਇਲਾਵਾ ਸੜਕਾਂ ’ਤੇ ਵਾਹਨਾਂ ਦੀ ਤਲਾਸ਼ੀ ਲਈ ਗਈ। ਇਨ੍ਹਾਂ ਥਾਵਾਂ ’ਤੇ ਸ਼ੱਕੀ ਵਿਅਕਤੀਆਂ ਦੇ ਸਾਮਾਨ ਦੀ ਤਲਾਸ਼ੀ ਸਮੇਤ ਉਨ੍ਹਾਂ ਦਾ ਪਤਾ ਟਿਕਾਣਾ ਜਾਣਿਆ ਗਿਆ। ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਜਾਣ ਦੀ ਵੀ ਜਾਣਕਾਰੀ ਹੈ। ਪੁਲੀਸ ਨੇ ਇਸ ਅਪ੍ਰੇਸ਼ਨ ਦਾ ਉਦੇਸ਼ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਅਪਰਾਧੀ ਕਿਸਮ ਦੇ ਲੋਕਾਂ ਨੂੰ ਨੱਥ ਪਾਉਣਾ ਦੱਸਿਆ। ਉਨ੍ਹਾਂ ਕਿਹਾ ਕਿ ਮੁਹਿੰਮ ਨਾਲ ਅਪਰਾਧਿਕ ਕਿਸਮ ਦੇ ਵਿਅਕਤੀਆਂ ਨੂੰ ਕੰਨ ਹੋਣਗੇ ਤੇ ਆਮ ਨਾਗਰਿਕਾਂ ਵਿੱਚ ਸੁਰੱਖਿਆ ਦਾ ਵਿਸ਼ਵਾਸ਼ ਵਧੇਗਾ।