ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 29 ਕੇਸ ਦਰਜ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਦਸੰਬਰ
ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਵੰਬਰ ਵਿੱਚ 29 ਕੇਸ ਦਰਜ ਕਰਕੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ ਹੈਰੋਇਨ, ਅਫੀਮ, ਭੁੱਕੀ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਅਤੇ ਡਰੱਗ ਮਨੀ ਬਰਾਮਦ ਹੋਈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਮਹੀਨੇ ਦੌਰਾਨ 29 ਕੇਸ ਦਰਜ ਕੀਤੇ ਹਨ ਅਤੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਵਿਸਥਾਰ ’ਚ ਦੱਸਿਆ ਕਿ ਨਸ਼ਿਆਂ ਦੇ 18 ਕੇਸ ਦਰਜ ਕਰਕੇ 22 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ ਜਿਨ੍ਹਾਂ ਕੋਲੋਂ 1 ਕਿਲੋ 397 ਗ੍ਰਾਮ ਹੈਰੋਇਨ, 2 ਕਿਲੋ ਅਫੀਮ, 82 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 1 ਕਿਲੋ ਗਾਂਜਾ, 6600 ਨਸ਼ੀਲੀਆਂ ਗੋਲੀਆਂ, 4 ਲੱਖ 15 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਖ਼ਿਲਾਫ਼ 11 ਕੇਸ ਦਰਜ ਕਰਕੇ 9 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 126 ਲਿਟਰ ਸ਼ਰਾਬ ਠੇਕਾ ਦੇਸੀ, 38.750 ਲੀਟਰ ਸ਼ਰਾਬ ਨਾਜਾਇਜ ਅਤੇ 450 ਲਿਟਰ ਲਾਹਣ ਬਰਾਮਦ ਕਰਵਾਈ ਗਈ ਹੈ। ਇਸ ਤੋਂ ਇਲਾਵਾ ਸੱਟੇ ਦਾ ਧੰਦਾ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 56,400 ਰੁਪਏ ਬਰਾਮਦ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਤੋਂ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੀ ਮੰਗ ਕਰਦਿਆਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਤੇ ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਜਾਗਰੁੂਕ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 115 ਪਿੰਡਾਂ ਵਿੱਚ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।