ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨ ਦੀ ਕੋਠੀ ਵੱਲ ਜਾਂਦੇ ਆਤਮਾ ਸਕੀਮ ਦੇ ਮੁਲਾਜ਼ਮ ਪੁਲੀਸ ਨੇ ਰੋਕੇ

06:57 AM Jan 03, 2025 IST
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਨੇੜੇ ਪੁਲੀਸ ਵੱਲੋਂ ਰੋਕੇ ਜਾਣ ’ਤੇ ਧਰਨਾ ਦਿੰਦੇ ਹੋਏ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਜਨਵਰੀ
ਕਰੀਬ ਪੰਜ ਮਹੀਨਿਆਂ ਦੀ ਤਨਖਾਹ ਤੋਂ ਵਾਂਝੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਚੱਲ ਰਹੀ ਆਤਮਾ ਸਕੀਮ ਦੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪੁਲੀਸ ਵੱਲੋਂ ਰੋਕੇ ਜਾਣ ’ਤੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਤਨਖਾਹਾਂ ਲੈਣ ਲਈ ਪਹਿਲਾਂ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਫਿਰ ਮੁਹਾਲੀ ਸਥਿਤ ਮੁੱਖ ਦਫ਼ਤਰ ਅੱਗੇ ਰੋਸ ਧਰਨੇ ਦੇਣ ’ਤੇ ਵੀ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਅੱਜ ਪੰਜਾਬ ਭਰ ਦੇ ਆਤਮਾ ਸਕੀਮ ਦੇ ਮੁਲਾਜ਼ਮ ਆਪਣੀ ਫਰਿਆਦ ਲੈ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੁੱਜੇ। ਵੱਖ-ਵੱਖ ਜ਼ਿਲ੍ਹਿਆਂ ਤੋਂ ਮੁਲਾਜ਼ਮ ਆਤਮਾ ਸਟਾਫ਼ ਯੂਨੀਅਨ ਦੀ ਅਗਵਾਈ ਹੇਠ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਪੁਲੀਸ ਵੱਲੋਂ ਨਾਕੇ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰਤਾਪ ਸਿੰਘ ਔਲਖ ਨੇੇ ਐਲਾਨ ਕੀਤਾ ਕਿ ਜਦੋਂ ਤੱਕ 5 ਮਹੀਨਿਆਂ ਦੀ ਤਨਖਾਹ ਦੀ ਅਦਾਇਗੀ ਅਤੇ ਹੋਰ ਜਾਇਜ਼ ਮੰਗਾਂ ਦੀ ਪ੍ਰਵਾਨਗੀ ਡਾਇਰੈਕਟਰ ਵੱਲੋਂ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਉਹ ਅਣਮਿੱਥੇ ਸਮੇਂ ਲਈ ਮੁੱਖ ਮੰਤਰੀ ਦੀ ਕੋਠੀ ਅੱਗੇ ਡਟੇ ਰਹਿਣਗੇ। ਮੀਡੀਆ ਸਲਾਹਕਾਰ ਗਗਨਦੀਪ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਆਤਮਾ ਸਕੀਮ ਤਹਿਤ ਪੰਜਾਬ ਵਿੱਚ ਕਰੀਬ 450 ਮੁਲਾਜ਼ਮ ਵੱਖ-ਵੱਖ ਅਹੁਦਿਆਂ ’ਤੇ ਕਰੀਬ 10 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ ਤਨਖਾਹ ਵਿੱਚ 60 ਫ਼ੀਸਦੀ ਕੇਂਦਰ ਅਤੇ 40 ਫ਼ੀਸਦੀ ਹਿੱਸਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਯੂਨੀਅਨ ਦੇ ਸੂਬਾ ਕਨਵੀਨਰ ਕੁਲਦੀਪ ਸਿੰਘ ਨੇ ਕਿਹਾ ਕਿ ਕਦੇਂ ਵੀ ਤਨਖਾਹ ਸਮੇਂ ਸਿਰ ਨਹੀਂ ਮਿਲਦੀ। ਹੁਣ 5 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਜਿਸ ਕਾਰਨ ਸਟਾਫ਼ ਨੂੰ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਜਾਂ ਖੇਤੀ ਮੰਤਰੀ ਨਾਲ ਮੀਟਿੰਗ ਤੈਅ ਕਰਾਉਣ ਦੀ ਗੱਲ ਆਖੀ ਗਈ ਸੀ ਪਰ ਮੁਲਾਜ਼ਮ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਖ਼ਬਰ ਲਿਖੇ ਜਾਣ ਤੱਕ ਉਹ ਧਰਨੇ ’ਤੇ ਡਟੇ ਹੋਏ ਸਨ।

Advertisement

Advertisement