ਮੁੱਖ ਮੰਤਰੀ ਦੀ ਕੋਠੀ ਘੇਰਨ ਜਾਂਦੇ ਮੁਜ਼ਾਹਰਾਕਾਰੀ ਪੁਲੀਸ ਨੇ ਰੋਕੇ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 9 ਜਨਵਰੀ
ਸਿੱਖਿਆ ਵਿਭਾਗ ਦੇ ਦਫ਼ਤਰੀ ਸਟਾਫ਼ ਅਤੇ ਵਿਸ਼ੇਸ਼ ਅਧਿਆਪਕਾਂ ਨੇ ਮੁੱਖ ਗੇਟ ਬੰਦ ਕਰ ਕੇ ਸਿੱਖਿਆ ਭਵਨ ਦਾ ਘਿਰਾਓ ਕਰ ਕੇ ਹੁਕਮਰਾਨਾਂ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਯਤਨ ਕੀਤਾ ਗਿਆ ਪਰ ਡੀਐੱਸਪੀ ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪੁਲੀਸ ਨੇ ਮੁਜ਼ਾਹਰਾਕਾਰੀਆਂ ਦਾ ਰਾਹ ਰੋਕ ਲਿਆ।
ਇੱਥੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਅਫ਼ਸਰਸ਼ਾਹੀ ਸਰਕਾਰ ’ਤੇ ਭਾਰੂ ਪੈ ਰਹੀ ਹੈ ਅਤੇ ਹੁਕਮਰਾਨ ਬੇਵੱਸ ਦਿਖਾਈ ਦੇ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਕਈ ਵਾਰ ਸਿੱਖਿਆ ਅਧਿਕਾਰੀਆਂ ਨੂੰ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਦਾ ਮਸਲਾ ਹੱਲ ਕਰਨ ਦੇ ਹੁਕਮ ਦੇ ਚੁੱਕੇ ਹਨ ਪਰ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ। ਇਸ ਕਾਰਨ ਦਫ਼ਤਰੀ ਸਟਾਫ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਇਨਸਾਫ਼ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਪੱਕੇ ਹੋਣ ਸੰਘਰਸ਼ ਕਰਦੇ ਆ ਰਹੇ ਹਨ। ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਗੁਰਮੀਤ ਸਿੰਘ ਮਾਂਗਟ, ਪ੍ਰਵੀਨ ਸ਼ਰਮਾ, ਨਰਿੰਦਰ ਸਿੰਘ ਅਤੇ ਰਮੇਸ਼ ਸਹਾਰਨ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮੀਟਿੰਗਾਂ ਕਰ ਕੇ ਮੁਲਾਜ਼ਮਾਂ ਦੇ ਮਸਲੇ ਨਿਬੇੜਨ ਦੇ ਯਤਨ ਕਰ ਰਹੀ ਹੈ ਪਰ ਦੂਜੇ ਪਾਸੇ ਅਫ਼ਸਰਸ਼ਾਹੀ ਗੱਲ ਕਿਸੇ ਕੰਢੇ ਨਹੀਂ ਲੱਗਣ ਦੇ ਰਹੀ। ਇਸ ਕਾਰਨ ਅੱਜ ਉਨ੍ਹਾਂ ਨੂੰ ਮੁੜ ਤੋਂ ਸਿੱਖਿਆ ਭਵਨ ਦੇ ਮੁੱਖ ਗੇਟ ਬੰਦ ਕਰ ਕੇ ਸੂਬਾ ਪੱਧਰੀ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ।
ਉਧਰ, ਸਿੱਖਿਆ ਭਵਨ ਦੇ ਬਾਹਰ ਦਫ਼ਤਰੀ ਕਾਮਿਆਂ ਦੀ ਕਲਮਛੋੜ ਹੜਤਾਲ ਅੱਜ 36ਵੇਂ ਦਿਨ ਅਤੇ ਧਰਨਾ 44ਵੇਂ ਦਿਨ ’ਚ ਦਾਖ਼ਲ ਹੋ ਗਿਆ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਵਾਪਸ ਘਰਾਂ ਨੂੰ ਨਹੀਂ ਮੁੜਦੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਣੇ ਹੋਰ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰਦੀ।
ਮੁਲਾਜ਼ਮ ਆਗੂਆਂ ਦੀ ਅਫ਼ਸਰ ਕਮੇਟੀ ਨਾਲ ਮੀਟਿੰਗ
ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਸ਼ਾਮ ਚਾਰ ਵਜੇ ਜਥੇਬੰਦੀ ਦੇ ਆਗੂਆਂ ਦੀ ਅਫ਼ਸਰ ਕਮੇਟੀ ਦੀ ਮੀਟਿੰਗ ਨਾਲ ਕਰਵਾਉਣ ਦਾ ਭਰੋਸਾ ਦੇ ਕੇ ਸਿੱਖਿਆ ਭਵਨ ਦਾ ਗੇਟ ਖੁੱਲ੍ਹਵਾਇਆ। ਇਸ ਮਗਰੋਂ ਸਿੱਖਿਆ ਅਧਿਕਾਰੀ ਤੇ ਹੋਰ ਕਰਮਚਾਰੀ ਛੁੱਟੀ ਤੋਂ ਬਾਅਦ ਆਪੋ-ਆਪਣੇ ਘਰਾਂ ਨੂੰ ਜਾ ਸਕੇ। ਦੇਰ ਸ਼ਾਮ ਮੁਲਾਜ਼ਮ ਆਗੂਆਂ ਦੀ ਅਫ਼ਸਰ ਕਮੇਟੀ ਨਾਲ ਮੀਟਿੰਗ ਹੋਈ। ਇਸ ਵਿੱਚ ਸਕੱਤਰ ਤੇ ਡੀਜੀਐੱਸਈ ਨੇ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਦੇ ਮਾਮਲੇ ’ਤੇ ਵਿਚਾਰ ਕਰਨ ਅਤੇ ਬਾਕੀ ਜਾਇਜ਼ ਮੰਗਾਂ ਵੀ ਛੇਤੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ।