For the best experience, open
https://m.punjabitribuneonline.com
on your mobile browser.
Advertisement

ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਲਈ ਪੁਲੀਸ ਚੌਕਸ

08:33 AM Jun 05, 2024 IST
ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਲਈ ਪੁਲੀਸ ਚੌਕਸ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੂਨ
ਦੇਸ਼ ਦੀ ਰਾਜਧਾਨੀ ਵਿੱਚ ਨਾਬਾਲਗ ਬੱਚੇ ਗੱਡੀ ਚਲਾਉਣ ਤੋਂ ਗੁਰੇਜ਼ ਨਹੀਂ ਕਰ ਰਹੇ। ਇਸ ਕਾਰਨ ਸੜਕ ਹਾਦਸਿਆਂ ਦਾ ਗ੍ਰਾਫ ਕਾਫ਼ੀ ਵਧਿਆ ਹੈ। ਇਸ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਨਾਬਾਲਗਾਂ ਦੀ ਗੱਡੀ ਚਲਾਉਣ ਦੀ ਗਿਣਤੀ ਵਿੱਚ 573 ਫ਼ੀਸਦੀ ਦਾ ਵਾਧਾ ਹੋਇਆ ਹੈ। ਇਹ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਵਿਭਾਗ ਵਿੱਚ ਹਾਹਾਕਾਰ ਮੱਚ ਗਈ ਹੈ। ਦਿੱਲੀ ਟਰੈਫਿਕ ਪੁਲੀਸ ਨੇ ਨਾਬਾਲਗਾਂ ਵੱਲੋਂ ਡਰਾਈਵਿੰਗ ਦੀਆਂ ਘਟਨਾਵਾਂ ਵਿੱਚ ਚਿੰਤਾਜਨਕ ਵਾਧੇ ਨੂੰ ਰੋਕਣ ਲਈ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ। ਨਾਬਾਲਗਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।
ਟਰੈਫਿਕ ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਾਬਾਲਗ ਵਾਹਨ ਚਾਲਕਾਂ ਖ਼ਿਲਾਫ਼ ਚਲਾਨ ਕੱਟਣ ਦੀ ਗਿਣਤੀ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ 1 ਜਨਵਰੀ ਤੋਂ 15 ਮਈ, 2024 ਦੇ ਵਿਚਕਾਰ, ਦਿੱਲੀ ਟਰੈਫਿਕ ਪੁਲੀਸ ਨੇ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਦੇ ਜੁਰਮ ਲਈ 101 ਚਲਾਨ ਜਾਰੀ ਕੀਤੇ ਹਨ। ਸਾਲ 2023 ਵਿੱਚ ਇਸੇ ਅਰਸੇ ਦੌਰਾਨ ਨਾਬਾਲਗਾਂ ਵੱਲੋਂ ਗੱਡੀ ਚਲਾਉਣ ਲਈ ਸਿਰਫ਼ 15 ਚਲਾਨ ਕੀਤੇ ਗਏ ਸਨ। ਇਹ ਅੰਕੜਾ ਲਗਪਗ 573 ਫ਼ੀਸਦ ਦੇ ਮਹੱਤਵਪੂਰਨ ਵਾਧੇ ਨੂੰ ਦਰਸਾਉਂਦਾ ਹੈ। ਪੁਲੀਸ ਨੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਨਾਬਾਲਗਾਂ ਨੂੰ ਗੱਡੀ ਚਲਾਉਣ ਤੋਂ ਰੋਕਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਟਰੈਫਿਕ ਪੁਲੀਸ ਵੱਲੋਂ ਨਾਕਿਆਂ ’ਤੇ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾ ਰਹੀ ਹੈ।

Advertisement

ਟਰੈਫਿਕ ਪੁਲੀਸ ਨੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਟਰੈਫਿਕ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਸੜਕ ਸੁਰੱਖਿਆ ਨੂੰ ਵਧਾਉਣ ਅਤੇ ਨੌਜਵਾਨ ਅਤੇ ਭੋਲੇ-ਭਾਲੇ ਡਰਾਈਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਘੱਟ ਕਰਨ ਲਈ ਇਕ ਵਿਆਪਕ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਸਬੰਧੀ ਪੁਲੀਸ ਨਾਬਾਲਗਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ’ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਗੱਡੀ ਚਲਾਉਣ ਦੀ ਇਜਾਜ਼ਤ ਨਾ ਦਿੱਤੀ ਜਾ ਸਕੇ। ਇਸ ਲਈ ਸਕੂਲਾਂ, ਸਮਾਗਮਾਂ ਅਤੇ ਭਾਈਚਾਰਿਆਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਮੁਹਿੰਮਾਂ ਦੌਰਾਨ ਨਾਬਾਲਗਾਂ ਦੇ ਮਾਪਿਆਂ ਨੂੰ ਹਾਦਸਿਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਨਾਬਾਲਗਾਂ ਦੇ ਵਾਹਨ ਚਲਾਉਣ ਨਾਲ ਹੋਣ ਵਾਲੇ ਹਾਦਸਿਆਂ ਵਿੱਚ ਮਾਪਿਆਂ ਨੂੰ ਵੀ ਸ਼ਜਾ ਹੋ ਸਕਦੀ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਥਾਵਾਂ ’ਤੇ ਸੈਮੀਨਾਰ ਵੀ ਕਰਵਾਏ ਗਏ।

Advertisement
Author Image

joginder kumar

View all posts

Advertisement
Advertisement
×