ਬਰਨਾਲਾ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਭਖਿਆ
ਪਰਸ਼ੋਤਮ ਬੱਲੀ
ਬਰਨਾਲਾ, 27 ਅਕਤੂਬਰ
ਬਰਨਾਲਾ ਜ਼ਿਮਨੀ ਚੋਣ ਦਾ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਤੌਰ ’ਤੇ ਪੂਰੀ ਮਿਹਨਤ ਕਰ ਰਹੇ ਹਨ। ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਸਿਖਰਾਂ ’ਤੇ ਲਿਜਾਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਉਹ ਪੂਰੇ ਹਲਕੇ ਵਿੱਚ ਚੋਣ ਜਲਸਿਆਂ ਦੇ ਨਾਲ-ਨਾਲ ਹਲਕਾ ਨਿਵਾਸੀਆਂ ਦੇ ਦੁੱਖ-ਸੁੱਖ ਵਿੱਚ ਪਹੁੰਚ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਉਹ ਨੌਜਵਾਨ ਆਗੂ ਭਾਨਾ ਸਿੱਧੂ ਦੀ ਦਾਦੀ ਦੇ ਭੋਗ ’ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਪਹੁੰਚੇ ਅਤੇ ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਪਿੰਡ ਖੁੱਡੀ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ। ਉਹ ਬਾਅਦ ਵਿਚ 16 ਏਕੜ ਸਾਈਂ ਮੰਦਿਰ ਪਹੁੰਚ ਕੇ ਸਾਈਂ ਭਗਤਾਂ ਨਾਲ ਮੰਦਿਰ ਵਿੱਚ ਨਤਮਸਤਕ ਹੋਏ। ਕੁਲਦੀਪ ਸਿੰਘ ਢਿੱਲੋਂ ਵੱਲੋਂ ਬਰਨਾਲਾ ਵਿੱਚ ਮਸੀਹ ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਸਮੂਹ ਭਾਈਚਾਰੇ ਵੱਲੋਂ ਖੜ੍ਹੇ ਹੋ ਕੇ ਕਾਲਾ ਢਿੱਲੋਂ ਦੇ ਸਮਰਥਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਬਿਆਸ ਸਤਿਸੰਗ ਘਰ, ਛੋਟੀ ਮਾਤਾ ਰਾਣੀ ਦੇ ਮੰਦਰ, ਹੈਪੀ ਕਲੋਨੀ ਸੰਘੇੜਾ ਤੇ ਹੋਰ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਕੁਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਝੂਠੇ ਬਦਲਾਅ ਤੋਂ ਮੁਕਤੀ ਚਾਹੁੰਦੇ ਹਨ ਅਤੇ ਕਾਂਗਰਸ ਪ੍ਰਤੀ ਲੋਕਾਂ ਦਾ ਲਗਾਅ ਬਰਨਾਲੇ ਤੋਂ ਸੀਟ ਪਾਰਟੀ ਦੀ ਝੋਲੀ ਪਵੇਗਾ।
ਉਮੀਦਵਾਰ ਗੋਵਿੰਦ ਸਿੰਘ ਸੰਧੂ ਵੱਲੋਂ ਹਲਕੇ ਦਾ ਦੌਰਾ
ਬਰਨਾਲਾ (ਖੇਤਰੀ ਪ੍ਰਤੀਨਿਧ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਵੱਲੋਂ ਅੱਜ ਬਰਨਾਲਾ ਹਲਕੇ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਿੰਡ ਭੈਣੀ ਮਹਿਰਾਜ ਅਤੇ ਅਤੇ ਪਿੰਡ ਭੂਰੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਸ੍ਰੀ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਪਿਛਲੀਆਂ ਚੋਣਾਂ ਸਮੇਂ ਕੀਤੇ ਵਾਅਦੇ ਤਾਂ ਕੀ ਨਿਭਾਉਣੇ ਸਨ, ਉਲਟਾ ਲੋਕਾਂ ਦੇ ਹੱਕ ਮਾਰੇ ਜਾ ਰਹੇ ਹਨ। ਸੂਬੇ ਵਿੱਚ ਅਮਨ ਕਾਨੂੰਨ ਵੀ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ। ਨਸ਼ਿਆਂ ਕਾਰਨ ਘਰਾਂ ਦੇ ਘਰ ਉੱਜੜ ਰਹੇ ਹਨ। ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਆਮ ਆਦਮੀ ਪਾਰਟੀ ਆਪਣੀ ਜ਼ਿੰਮੇਵਾਰੀ ਭੁੱਲ ਚੁੱਕੀ ਹੈ, ਜਿਸ ਦਾ ਅਹਿਸਾਸ ਕਰਵਾਉਣ ਲਈ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਇਆ ਜਾਵੇ।