ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਿਆਸੀ ਧਿਰਾਂ ਨੇ ਕਮਰ ਕੱਸੀ
ਆਤਿਸ਼ ਗੁਪਤਾ
ਚੰਡੀਗੜ੍ਹ, 18 ਅਗਸਤ
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਐਲਾਨ ਮਗਰੋਂ ਸਮੂਹ ਸਿਆਸੀ ਧਿਰਾਂ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬੇ ਵਿੱਚ ਤੇਜ਼ੀ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ‘ਆਪ’ ਨੇ ਹਰਿਆਣਾ ਵਿੱਚ ਪਿਛਲੇ 15 ਦਿਨਾਂ ਦੌਰਾਨ 45 ਤੋਂ ਵੱਧ ਚੋਣ ਰੈਲੀਆਂ ਕੀਤੀਆਂ ਹਨ। ਇਨ੍ਹਾਂ ਰੈਲੀਆਂ ਵਿੱਚ ਪਾਰਟੀ ਦੇ ਕੌਮੀ ਤੇ ਸੂਬਾਈ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਲੋਕਾਂ ਮੂਹਰੇ ਦਿੱਲੀ ਤੇ ਪੰਜਾਬ ਵਿੱਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਦੂਜੇ ਪਾਸੇ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਵੱਲੋਂ ਹਰਿਆਣਾ ਦੇ 10 ਲੋਕ ਸਭਾ ਹਲਕਿਆਂ ਦਾ ਦੌਰਾ 21, 22 ਤੇ 23 ਅਗਸਤ ਕੀਤਾ ਜਾਵੇਗਾ ਤੇ ਉਮੀਦਵਾਰਾਂ ਦੀ ਚੋਣ ਵੀ ਕੀਤੀ ਜਾਵੇਗੀ। ਹਰਿਆਣਾ ਦੀ ਸੱਤਾ ’ਤੇ 10 ਸਾਲਾਂ ਤੋਂ ਕਾਬਜ਼ ਭਾਜਪਾ ਵੱਲੋਂ ਲੋਕਾਂ ਨੂੰ ਆਪਣੇ ਕਾਰਜ ਕਾਲ ਵਿੱਚ ਕੀਤੇ ਕੰਮਾਂ ਤੋਂ ਜਾਣੂ ਕਰਵਾ ਕੇ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਭਾਜਪਾ ਵੱਲੋਂ ਸੂਬੇ ਵਿੱਚ ਜਨ ਸਭਾਵਾਂ ਕਰ ਕੇ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਿਆਣਾ ਵਿੱਚ ਮਜ਼ਬੂਤੀ ਨਾਲ ਪੈਰ ਪਸਾਰਨ ਵਾਲੀ ਕਾਂਗਰਸ ਨੂੰ ਆਪਣਿਆਂ ਤੋਂ ਵੱਧ ਖਤਰਾ ਦਿਖਾਈ ਦੇ ਰਿਹਾ ਹੈ। ਇਸੇ ਕਰ ਕੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਤੇ ਸਾਬਕਾ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਆਪਣੇ-ਆਪਣੇ ਹਮਾਇਤੀਆਂ ਨੂੰ ਨਾਲ ਜੋੜਨ ਵਿੱਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਭੁਪਿੰਦਰ ਹੁੱਡਾ ਵੱਲੋਂ ਵੱਖ-ਵੱਖ ਵਰਗ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲਗਾਤਾਰ ਸੂਬਾ ਸਰਕਾਰ ਦੀ 10 ਸਾਲਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ।
ਇਸੇ ਤਰ੍ਹਾਂ ਜਨ ਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਪਿਛਲੇ ਦਿਨੀਂ ਦੋ ਸਾਬਕਾ ਮੰਤਰੀਆਂ ਸਣੇ ਚਾਰ ਵਿਧਾਇਕਾਂ ਵੱਲੋਂ ਅਲਵਿਦਾ ਕਹੇ ਜਾਣ ’ਤੇ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪਾਰਟੀ ਦੇ ਕੌਮੀ ਪ੍ਰਧਾਨ ਅਜੈ ਸਿੰਘ ਚੌਟਾਲਾ ਨੇ ਕਿਹਾ ਕਿ ਚੋਣਾਂ ਦੇ ਮੌਸਮ ਵਿੱਚ ਪਾਰਟੀ ਨੂੰ ਛੱਡਣ ਵਾਲਿਆਂ ਦੀ ਜੇਜੇਪੀ ਨੂੰ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਜੇਜੇਪੀ ਸੰਘਰਸ਼ ਕਰਨ ਵਾਲੀ ਪਾਰਟੀ ਹੈ ਅਤੇ ਉਹ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ। ਸ੍ਰੀ ਚੌਟਾਲਾ ਨੇ ਵਿਧਾਨ ਸਭਾ ਚੋਣਾਂ ਵਿੱਚ ਸਪਸ਼ਟ ਬਹੁਮੱਤ ਨਾਲ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਇਸ ਤੋਂ ਇਲਾਵਾ ਇਨੈਲੋ ਤੇ ਬਹੁਜਨ ਸਮਾਜ ਪਾਰਟੀ ਸਾਂਝੇ ਤੌਰ ’ਤੇ ਵਿਧਾਨ ਸਭਾ ਚੋਣਾਂ ਲੜਨ ਦੀਆਂ ਤਿਆਰੀਆਂ ਕਰ ਰਹੇ ਹਨ। ਹਰਿਆਣਾ ਵਿੱਚ 1 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ, ਜਿਸ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।