For the best experience, open
https://m.punjabitribuneonline.com
on your mobile browser.
Advertisement

ਸਿਆਸੀ ਪਾਰਟੀਆਂ ਵੱਲੋਂ ਮਹਿਲਾ ਵਰਗ ਨਜ਼ਰਅੰਦਾਜ਼

10:36 AM Apr 14, 2024 IST
ਸਿਆਸੀ ਪਾਰਟੀਆਂ ਵੱਲੋਂ ਮਹਿਲਾ ਵਰਗ ਨਜ਼ਰਅੰਦਾਜ਼
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 13 ਅਪਰੈਲ
ਪੰਜਾਬ ਵਿੱਚ ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੀ ਪਾਰਟੀਆਂ ਦੇ ਵਜ਼ਨੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ ਪਰ ਪੰਜਾਬ ਦੀਆਂ ਇਨ੍ਹਾਂ ਸਾਰੀਆਂ ਸਿਆਸੀ ਧਿਰਾਂ ਨੇ ਲੋਕ ਸਭਾ ਚੋਣਾਂ 2024 ਲਈ ਟਿਕਟਾਂ ਦੀ ਵੰਡ ਸਮੇਂ ਅੱਧੀ ਆਬਾਦੀ ਵਾਲੇ ਔਰਤ ਤਬਕੇ ਨੂੰ ਬਿਲਕੁਲ ਹੀ ਨਜ਼ਰਅੰਦਾਜ਼ ਕਰ ਦਿੱਤਾ ਹੈ। ਹਾਲਾਂਕਿ, ਸਿਆਸੀ ਪਾਰਟੀਆਂ ਵੱਲੋਂ ਔਰਤਾਂ ਦੀਆਂ ਵੋਟਾਂ ਹਾਸਲ ਕਰਨ ਲਈ ਵੱਖ-ਵੱਖ ਕਿਸਮ ਦੇ ਐਲਾਨ ਕਰ ਕੇ ਉਨ੍ਹਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ 9, ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ 6 ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਨੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਹਾਲੇ ਤੱਕ ਸਿਰਫ਼ ਭਾਜਪਾ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਵੱਲੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪ੍ਰਨੀਤ ਕੌਰ ਪਿਛਲੇ ਦਿਨੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਚੋਣਾਂ ਵਿੱਚ ਉਤਾਰਿਆ ਜਾ ਸਕਦਾ ਹੈ ਪਰ ਹਾਲੇ ਤੱਕ ਉਨ੍ਹਾਂ ਦੀ ਟਿਕਟ ਦਾ ਐਲਾਨ ਨਹੀਂ ਹੋਇਆ ਹੈ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਕੁੱਲ ਵੋਟਰ 2.12 ਕਰੋੜ ਹਨ, ਜਿਨ੍ਹਾਂ ਵਿੱਚੋਂ 1.11 ਕਰੋੜ ਪੁਰਸ਼ ਅਤੇ ਇਕ ਕਰੋੜ ਤੋਂ ਵੱਧ ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 744 ਵੋਟਰ ਟਰਾਂਸਜੈਂਡਰ ਹਨ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਰਾਜਸੀ ਪਾਰਟੀਆਂ ਬਹੁਤ ਘੱਟ ਮਹਿਲਾ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਦੀਆਂ ਰਹੀਆਂ ਹਨ। ਇਸ ਤੋਂ ਪਹਿਲਾਂ ਫ਼ਰੀਦਕੋਟ ਤੋਂ ਪਰਮਜੀਤ ਕੌਰ, ਗੁਰਬਿੰਦਰ ਕੌਰ ਬਰਾੜ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਪਟਿਆਲਾ ਤੋਂ ਮਹਿੰਦਰ ਕੌਰ, ਪ੍ਰਨੀਤ ਕੌਰ, ਹੁਸ਼ਿਆਰਪੁਰ ਤੋਂ ਸੰਤੋਸ਼ ਚੌਧਰੀ, ਲੁਧਿਆਣਾ ਤੋਂ ਰਾਜਿੰਦਰ ਕੌਰ, ਰੋਪੜ ਤੋਂ ਬਿਮਲ ਕੌਰ ਖਾਲਸਾ, ਗੁਰਦਾਸਪੁਰ ਤੋਂ ਸੁਖਬੰਸ ਕੌਰ ਭਿੰਡਰ ਤੇ ਸੰਗਰੂਰ ਤੋਂ ਨਿਰਲੇਪ ਕੌਰ ਹੀ ਲੋਕ ਸਭਾ ਚੋਣਾਂ ਵਿੱਚ ਸੰਸਦ ਦੀਆਂ ਪੌੜੀਆਂ ਚੜ੍ਹ ਸਕੀਆਂ ਹਨ।

Advertisement

ਪਾਰਟੀਆਂ ਵੱਲੋਂ ਮਹਿਲਾ ਉਮੀਦਵਾਰਾਂ ਦੀ ਭਾਲ

ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਇਸ ਤੋਂ ਇਲਾਵਾ ‘ਆਪ’ ਦੇ 4, ਭਾਜਪਾ ਦੇ 7 ਅਤੇ ਸ਼੍ਰੋਮਣੀ ਅਕਾਲੀ ਦਲ ਦੇ 6 ਉਮੀਦਵਾਰਾਂ ਦੇ ਐਲਾਨ ਬਾਕੀ ਹਨ। ਮਿਲੀ ਜਾਣਕਾਰੀ ਅਨੁਸਾਰ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਔਰਤ ਉਮੀਦਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਰਸਮੀ ਤੌਰ ’ਤੇ ਕਿਸੇ ਦਾ ਐਲਾਨ ਨਹੀਂ ਕੀਤਾ ਗਿਆ ਹੈ।

Advertisement
Author Image

sukhwinder singh

View all posts

Advertisement
Advertisement
×