For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਵਿਰੁੱਧ ਸਿਆਸੀ ਪਾਰਟੀਆਂ ਇਕਸੁਰ

07:24 AM Nov 15, 2024 IST
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਵਿਰੁੱਧ ਸਿਆਸੀ ਪਾਰਟੀਆਂ ਇਕਸੁਰ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 14 ਨਵੰਬਰ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਉਸਾਰਨ ਲਈ 10 ਏਕੜ ਜ਼ਮੀਨ ਦੇਣ ਵਿਰੁੱਧ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਇੱਕਸੁਰ ਹੋ ਗਈਆਂ ਹਨ। ਸਾਰੀਆਂ ਸਿਆਸੀ ਧਿਰਾਂ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਦੇਣ ਦੇ ਫ਼ੈਸਲੇ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਆਪਣੀ ਪਾਰਟੀ ਹੀ ਵਿਰੁੱਧ ਖੜ੍ਹੇ ਦਿਖਾਈ ਦੇ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਲਈ ਜ਼ਮੀਨ ਦੇਣ ਦੇ ਮਾਮਲੇ ਵਿੱਚ ਦਖ਼ਲ ਦੇਣ ਅਤੇ ਫੈਸਲੇ ’ਤੇ ਮੁੜ ਵਿਚਾਰ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।ਸ੍ਰੀ ਜਾਖੜ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿੱਚ ਲਿਖਿਆ ਹੈ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਵਜੋਂ ਸਿਰਫ਼ ਇੱਕ ਜ਼ਮੀਨੀ ਖਿੱਤਾ ਨਹੀਂ ਹੈ ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ ਬੀਤੇ ਸਮੇਂ ਵਿੱਚ ਲੱਗੇ ਜ਼ਖ਼ਮਾਂ ’ਤੇ ਮੱਲ੍ਹਮ ਲਗਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬੀਆਂ ਦੀ ਸਮਾਜਿਕ ਅਤੇ ਧਾਰਮਿਕ ਚੜ੍ਹਦੀ ਕਲਾ ਲਈ ਕਈ ਕਦਮ ਚੁੱਕੇ ਹਨ, ਪਰ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਵਿਚਾਲੇ ਮਜ਼ਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਸ੍ਰੀ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ। ਸ੍ਰੀ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੀ ਨਾਸਮਝੀ ਕਾਰਨ ਚੰਡੀਗੜ੍ਹ ’ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜ਼ਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਵਿਧਾਨ ਸਭਾ ਲਈ ਵੀ ਚੰਡੀਗੜ੍ਹ ਵਿੱਚ ਜ਼ਮੀਨ ਮੰਗ ਕੇ ਹਰਿਆਣਾ ਦੀ ਮੰਗ ’ਤੇ ਆਪਣੇ ਸਮਰਥਨ ਦੀ ਮੋਹਰ ਲਗਾ ਦਿੱਤੀ।

Advertisement

ਹਰਿਆਣਾ ਨੂੰ ਯੂਟੀ ਵਿੱਚ ਜ਼ਮੀਨ ਦੇਣਾ ਗੈਰ-ਸੰਵਿਧਾਨਕ: ਡਾ. ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ-3 ਦੀ ਉਲੰਘਣਾ ਹੈ। ਇਸ ਤਹਿਤ ਸਿਰਫ਼ ਸੰਸਦ ਨੂੰ ਕਿਸੇ ਵੀ ਸੂਬੇ ਦੀਆਂ ਹੱਦਾਂ ਤਬਦੀਲ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਇਹ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ, ਇਸ ਲਈ ਇਹ ਫੈਸਲਾ ਰੱਦ ਕਰਨਾ ਚਾਹੀਦਾ ਹੈ। ਡਾ. ਚੀਮਾ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੀ ਹੋਈ ਹੈ। ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਇਸ ਦਾ ਐਲਾਨ ਕੀਤਾ ਸੀ ਤਾਂ ‘ਆਪ’ ਨੇ ਇਸ ਦਾ ਵਿਰੋਧ ਨਹੀਂ ਕੀਤਾ।

Advertisement

ਬਾਜਵਾ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ ਅਤੇ ਸੂਬੇ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੀ ਵੰਡ ਸਮੇਂ ਚੰਡੀਗੜ੍ਹ ਨੂੰ ਕੁਝ ਸਮੇਂ ਲਈ ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਬਣਾਇਆ ਗਿਆ ਸੀ, ਪਰ ਅੱਜ ਤੱਕ ਪੰਜਾਬ ਨੂੰ ਆਪਣੀ ਰਾਜਧਾਨੀ ਨਹੀਂ ਮਿਲ ਸਕੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਆਪਣੀ ਬਹਾਦਰੀ ਤੇ ਵਫ਼ਾਦਾਰੀ ਲਈ ਜਾਣਿਆ ਜਾਂਦਾ ਹੈ ਅਤੇ ਇਹ ਆਪਣੇ ਵਿਰਸੇ ਤੇ ਇਤਿਹਾਸ ਦਾ ਸਨਮਾਨ ਕਰਨ ਵਾਲੇ ਫੈਸਲੇ ਦੀ ਆਸ ਕਰਦਾ ਹੈ।

Advertisement
Author Image

sukhwinder singh

View all posts

Advertisement