ਸਿਆਸਤਦਾਨ ਐੱਚਐੱਸ ਹੰਸਪਾਲ ਦਾ ਦੇਹਾਂਤ
ਨਵੀਂ ਦਿੱਲੀ (ਕੁਲਦੀਪ ਸਿੰਘ): ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਾਨਸਰੋਵਰ ਗਾਰਡਨ, ਨਵੀਂ ਦਿੱਲੀ ਦੇ ਬਾਨੀ ਚੇਅਰਮੈਨ, ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਮੌਜੂਦਾ ਚੇਅਰਮੈਨ ਅਤੇ ਪੰਜਾਬ ਦੇ ਸੀਨੀਅਰ ਸਿਆਸਤਦਾਨ ਐੱਚਐੱਸ ਹੰਸਪਾਲ (86) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ 24 ਦਸੰਬਰ ਨੂੰ ਪੰਜਾਬੀ ਬਾਗ ਵਿੱਚ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀਚਰਨਜੀਤ ਕੌਰ ਹੰਸਪਾਲ, ਦੋ ਪੁੱਤਰ ਅਤੇ ਇੱਕ ਧੀ ਹੈ। ਹੰਸਪਾਲ ਨੇ ਕਾਂਗਰਸ ਵੱਲੋਂ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਵੀ ਕੀਤੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹੇ ਹਨ। 2022 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਇਲਾਵਾ ਉਹ ਨਾਮਧਾਰੀ ਦਰਬਾਰ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਕਾਨਫਰੰਸ ਦੇ ਕਨਵੀਨਰ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ।