ਪੰਜਾਬ ਵਿੱਚ ਮੁੜ ਸਿਆਸਤ ਭਖੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਕਤੂਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੁਪਰੀਮ ਕੋਰਟ ਵੱਲੋਂ ਐੱਸਵਾਈਐੱਲ ਨਹਿਰ ਦੀ ਉਸਾਰੀ ਲਈ ਜ਼ਮੀਨ ਦਾ ਪੰਜਾਬ ਵਿੱਚ ਸਰਵੇਖਣ ਕਰਨ ਦੇ ਹੁਕਮਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸ ਲਈ ਸਰਵੇਖਣ ਕਰਵਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸ੍ਰੀ ਵੜਿੰਗ ਨੇ ਕੇਂਦਰ ਸਰਕਾਰ ਨੂੰ ਸਤਲੁਜ-ਯਮੁਨਾ ਦੇ ਨਿਰਮਾਣ ਲਈ ਜ਼ਮੀਨ ਦਾ ਸਰਵੇਖਣ ਕਰਨ ਦੇ ਹੁਕਮ ਦੇਣ ਦਾ ਵਿਰੋਧ ਕੀਤਾ। ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਉੱਤਰੀ ਭਾਰਤ ’ਚ ਪੈਰ ਜਮਾਉਣ ਲਈ ਪੰਜਾਬ ਦੇ ਮਾਮਲੇ ਨੂੰ ਕਮਜ਼ੋਰ ਕਰਨ ਲੱਗੀ ਹੋਈ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਬਾਰੇ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ’ਤੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵੀ ਇਸ ਏਜੰਡੇ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾ ਸਕੇ।
ਬਾਜਵਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਕਦਮ ਨਾ ਚੁੱਕਣ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਅਦਾਲਤ ਨੇ ਟਿੱਪਣੀ ‘ਪੰਜਾਬ ਨੂੰ ਇਸ ਪ੍ਰਕਿਰਿਆ ਵਿੱਚ ਸਹਿਯੋਗ ਕਰਨਾ ਪਵੇਗਾ’ ਸਬੰਧੀ ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਸਖ਼ਤ ਕਾਨੂੰਨੀ ਦਲੀਲਾਂ ਨਾਲ ਸੁਪਰੀਮ ਕੋਰਟ ਵਿੱਚ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ। ਬਾਜਵਾ ਨੇ ਕਿਹਾ ਕਿ ਇਹ ਸੂਬੇ ਦੇ ਹਿੱਤਾਂ ਦਾ ਮਾਮਲਾ ਹੈ।
ਖਰੜ (ਪੱਤਰ ਪ੍ਰੇਰਕ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਐੱਸਵਾਈਐੱਲ ਮੁੱਦੇ ’ਤੇ ਕੀਤੀ ਟਿੱਪਣੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਵੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਇਸ ਸਬੰਧੀ ਬਣਦੀ ਕਾਰਵਾਈ ਕਰੇ। ਸ੍ਰੀ ਚੰਨੀ ਨੇ ਇਸ ਪੱਤਰਕਾਰ ਨੂੰ ਫੋਨ ’ਤੇ ਕਿਹਾ ਕਿ ਇਸ ਮਾਮਲੇ ’ਚ ਪੰਜਾਬ ਸਰਕਾਰ ਆਪਣਾ ਪੱਖ ਸੁਪਰੀਮ ਕੋਰਟ ਵਿੱਚ ਰੱਖਣ ਵਿੱਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ ਕਿਉਂਕਿ ਸਿਖਰਲੀ ਅਦਾਲਤ ’ਚ ਇਹ ਪ੍ਰਭਾਵ ਗਿਆ ਹੈ ਕਿ ਸਰਕਾਰ ਇਸ ਮੁੱਦੇ ’ਤੇ ਸਿਰਫ਼ ਸਿਆਸਤ ਕਰ ਰਹੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਅਸੀਂ ਸੂਬੇ ਦਾ ਪਾਣੀ ਬਾਹਰ ਵੀ ਨਹੀਂ ਜਾਣ ਦਿਆਂਗੇ। ਇਸ ਮੁੱਦੇ ’ਤੇ ਸਰਕਾਰ ਦਾ ਪੂਰਾ ਸਮਰਥਨ ਕਰਾਂਗੇ।’’ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਅਦਾਲਤੀ ਲੜਾਈ ਨੂੰ ਕਮਜ਼ੋਰ ਕਰਨ ਦੇ ਦੋਸ਼ ਲਾਏ ਹਨ। ਪਾਰਟੀ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਐੱਸਵਾਈਐੱਲ ਲਈ ਐਕੁਆਇਰ ਕੀਤੀ ਜ਼ਮੀਨ ਕਿਸਾਨਾਂ ਦੇਣ ਲਈ ਬਾਕਾਇਦਾ ਕਾਨੂੰਨੀ ਤੌਰ ’ਤੇ ਫੈਸਲਾ ਲਿਆ ਜਾ ਚੁੱਕਾ ਹੈ। ਇਸ ਲਈ ਮੌਜੂਦਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਜ਼ਮੀਨ ਦਾ ਕਬਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਕੰਮ ਨਾ ਕੀਤਾ ਤਾਂ ਅਕਾਲੀ ਦਲ ਵੱਲੋਂ ਨਹਿਰ ਨੂੰ ਪੂਰ ਕੇ ਜ਼ਮੀਨ ਕਿਸਾਨਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਸਰਕਾਰ ਨੇ ਸੁਪਰੀਮ ਕੋਰਟ ’ਚ ਸਮਰਪਣ ਕਰਕੇ ਧੋਖਾ ਕੀਤਾ: ਸੁਖਬੀਰ
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਿਆਈ ਪਾਣੀਆਂ ’ਤੇ ਪੰਜਾਬ ਦੇ ਦਾਅਵਿਆਂ ਦੀ ਮੌਤ ਦੇ ਵਾਰੰਟਾਂ ’ਤੇ ਦਸਤਖ਼ਤ ਕਰ ਦਿੱਤੇ ਹਨ ਅਤੇ ਅਧਿਕਾਰਤ ਤੌਰ ‘ਤੇ ਸੁਪਰੀਮ ਕੋਰਟ ਵਿੱਚ ਮੁੱਖ ਮੰਤਰੀ ਵਜੋਂ ਉਸ ਨੇ ਪੰਜਾਬ ਵਿੱਚ ਐੱਸਵਾਈਐੱਲ ਨਹਿਰ ਬਣਾਉਣ ਲਈ ਆਪਣੀ ਤਿਆਰੀ ਦਾ ਪ੍ਰਗਟਾਵਾ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਕਾਂਗਰਸ ਦੇ ਮਰਹੂਮ ਮੁੱਖ ਮੰਤਰੀ ਦਰਬਾਰਾ ਸਿੰਘ ਵੱਲੋਂ ਦਰਿਆਈ ਪਾਣੀਆਂ ’ਤੇ ਪੰਜਾਬ ਦੇ ਰਿਪੇਰੀਅਨ ਦਾਅਵੇ ਨੂੰ ਛੱਡਣ ਦੇ ਸਮਝੌਤੇ ’ਤੇ ਦਸਤਖਤ ਕਰਨ ਦੇ ਬਰਾਬਰ ਹੀ ਵੱਡਾ ਧੋਖਾ ਹੈ ਪਰ ਭਗਵੰਤ ਮਾਨ ਨੇ ਘੱਟੋ-ਘੱਟ ਇਹ ਸੱਚ ਤਾਂ ਮੰਨਿਆ ਕਿ ਕੇਵਲ ਉਸਦਾ ਸਿਆਸੀ ਵਿਰੋਧੀ (ਸ਼੍ਰੋਮਣੀ ਅਕਾਲੀ ਦਲ) ਹੀ ਉਸ ਨੂੰ ਨਹਿਰ ਬਣਾਉਣ ਤੋਂ ਰੋਕ ਰਿਹਾ ਹੈ। ਪਰ ਉਸਨੇ ਸੁਪਰੀਮ ਕੋਰਟ ਨੂੰ ਕਿਸਾਨਾਂ ਤੋਂ ਐਸ.ਵਾਈ.ਐਲ ਲਈ ਜ਼ਮੀਨ ਖੋਹਣ ਦਾ ਵੀ ਵਾਅਦਾ ਕੀਤਾ ਹੈ ਜੋ ਮਰਹੂਮ ਪ੍ਰਕਾਸ਼ ਸਿੰਘ ਜੀ ਬਾਦਲ ਪਹਿਲਾਂ ਹੀ ਕਿਸਾਨਾਂ ਨੂੰ ਵਾਪਸ ਕਰ ਚੁੱਕੇ ਹਨ।
ਬਾਹਰਲੇ ਰਾਜ ਨੂੰ ਪਾਣੀ ਦੀ ਇਕ ਬੂੰਦ ਵੀ ਨਹੀਂ ਦਿਆਂਗੇ: ਕੰਗ
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਐਸਵਾਈਐਲ ਬਾਰੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਹੈ। ਪੰਜਾਬ ਹੋਰ ਰਾਜਾਂ ਨੂੰ ਵਾਧੂ ਪਾਣੀ ਦੀ ਇੱਕ ਬੂੰਦ ਵੀ ਦੇਣ ਦੀ ਸਥਿਤੀ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਾਣੀ ਦੀ ਸਥਿਤੀ ਹੁਣ 50 ਸਾਲ ਪਹਿਲਾਂ ਵਰਗੀ ਨਹੀਂ ਰਹੀ। ਅੱਜ ਪੰਜਾਬ ਖੁਦ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਹਾਲ ਹੀ ਵਿੱਚ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵਤ ਮਾਨ ਨੇ ਕਿਹਾ ਸੀ ਕਿ ਪੰਜਾਬ ਹੋਰ ਰਾਜਾਂ ਨੂੰ ਵਾਧੂ ਪਾਣੀ ਨਹੀਂ ਦੇ ਸਕਦਾ।ਉਨ੍ਹਾਂ ਮੰਗ ਕੀਤੀ ਕਿ ਐਸਵਾਈਐਲ ਅਤੇ ਪੰਜਾਬ ਵਿੱਚ ਪਾਣੀਆਂ ਦੀ ਸਥਿਤੀ ਜਾਣਨ ਲਈ ਟ੍ਰਿਬਿਊਨਲ ਦਾ ਗਠਨ ਕੀਤਾ ਜਾਵੇ। ਟ੍ਰਿਬਿਊਨਲ ਨੂੰ ਇਸ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਜ਼ਮੀਨ ਐਸਵਾਈਐਲ ਲਈ ਨੋਟੀਫਾਈ ਕੀਤੀ ਗਈ ਸੀ, ਉਸ ਨੂੰ ਵੀ ਡੀਨੋਟੀਫਾਈ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਢੰਗ ਨਾਲ ਅਦਾਲਤ ਦੇ ਸਾਹਮਣੇ ਆਪਣਾ ਪੱਖ ਰੱਖੇਗੀ ਅਤੇ ਕੇਂਦਰ ਸਰਕਾਰ ਕੋਲ ਵੀ ਮਾਮਲਾ ਚੁੱਕਾਂਗੇ।