For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਬਾਰੇ ਤਿਵਾੜੀ ਦੇ ਬਿਆਨ ’ਤੇ ਸਿਆਸਤ ਭਖੀ

07:58 AM May 21, 2024 IST
ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਬਾਰੇ ਤਿਵਾੜੀ ਦੇ ਬਿਆਨ ’ਤੇ ਸਿਆਸਤ ਭਖੀ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 20 ਮਈ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਚਲਦਾ ਆ ਰਿਹਾ ਹੈ। ਇਸੇ ਦੌਰਾਨ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਸਬੰਧੀ ਕੀਤੇ ਵਾਅਦੇ ’ਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਸ੍ਰੀ ਤਿਵਾੜੀ ਦੇ ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਇਸ ਦਾ ਵਿਰੋਧ ਕੀਤਾ ਹੈ। ਗੌਰਤਲਬ ਹੈ ਕਿ ਲੰਘੇ ਦਿਨ ਸ੍ਰੀ ਤਿਵਾੜੀ ਨੇ ਚੰਡੀਗੜ੍ਹ ਦਾ ਚੋਣ ਮੈਨੀਫੈਸਟੋ ਜਾਰੀ ਕਰਦਿਆਂ ਕਿਹਾ ਸੀ ਕਿ ਚੰਡੀਗੜ੍ਹ ਸ਼ਹਿਰ ਨੂੰ ਸੂਬੇ ਵਾਂਗ ਹੱਕ ਦੇਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਦੇ ਸਾਂਝੇ ਉਮੀਦਵਾਰ ਵੱਲੋਂ ਚੰਡੀਗੜ੍ਹ ਨੂੰ ਰਾਜ ਦੇ ਹੱਕ ਦਿਵਾਉਣ ਦੇ ਐਲਾਨ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਤਿਵਾੜੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਸੂਬੇ ਦੇ ਅਧਿਕਾਰ ਮੰਗ ਕੇ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਸਬੰਧੀ ਹੱਥ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਵਚਨਬੱਧ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਜੇਕਰ ਸੰਘਰਸ਼ ਦੀ ਲੋੜ ਪਈ ਤਾਂ ਉਹ ਵੀ ਵਿੱਢਿਆ ਜਾਵੇਗਾ। ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ‘ਚੰਡੀਗੜ੍ਹ ਪੰਜਾਬ ਦਾ ਸੀ, ਪੰਜਾਬ ਦਾ ਹੈ ਤੇ ਸਦਾ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨੂੰ ‘ਸਿਟੀ-ਸਟੇਟ’ ਬਣਾਉਣ ਦਾ ਐਲਾਨ ਕਰਕੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੇ ਪਾਰਟੀ ਏਜੰਡੇ ਨੂੰ ਜ਼ਾਹਿਰ ਕੀਤਾ ਹੈ। ਸ੍ਰੀ ਜਾਖੜ ਨੇ ਇਸ ਮੁੱਦੇ ’ਤੇ ਪੰਜਾਬ ਕਾਂਗਰਸ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਦੀ ਅਪੀਲ ਕੀਤੀ।

Advertisement

ਸਰਹੱਦੀ ਕਿਸਾਨਾਂ ਨੂੰ ਦੇਵਾਂਗੇ ਜ਼ਮੀਨਾਂ ਦਾ ਮਾਲਕਾਨਾ ਹੱਕ: ਬਾਦਲ

ਜਲਾਲਾਬਾਦ (ਮਲਕੀਤ ਸਿੰਘ ਟੋਨੀ ਛਾਬੜਾ): ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ’ਚ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ, ਗੁਰੂ ਹਰਿਸਹਾਏ, ਫਿਰੋਜ਼ਪੁਰ ਸ਼ਹਿਰ ਤੇ ਫਿਰੋਜ਼ਪੁਰ ਦਿਹਾਤੀ ਵਿੱਚ ਚੋਣ ਰੈਲੀਆਂ ਕੀਤੀਆਂ। ਸ੍ਰੀ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਦਹਾਕਿਆਂ ਤੋਂ ਦਰਿਆਈ ਕੰਢੇ ਜ਼ਮੀਨ ਵਾਹ ਰਹੇ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕਾਨਾ ਹੱਕ ਦੇਵੇਗੀ ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਹ ਪ੍ਰਕਿਰਿਆ ਆਰੰਭੀ ਸੀ। ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਹੱਦੀ ਇਲਾਕਿਆਂ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਵੇਲੇ ਲੋਕਾਂ ਨੂੰ ਕਈ ਸਹੂਲਤਾਂ ਮਿਲਦੀਆਂ ਸਨ।

‘ਆਪ’ ਸਰਕਾਰ ਐੱਸਵਾਈਐੱਲ ਦੀ ਉਸਾਰੀ ਕਰਵਾਉਣਾ ਚਾਹੁੰਦੀ ਹੈ: ਅਕਾਲੀ ਦਲ

ਗੁਰੂ ਹਰਸਹਾਏ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰੂ ਹਰਿਸਹਾਏ ਵਿੱਚ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਮਾਨ ਦੇ ਹੱਕ ਵਿਚ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਵਾਸਤੇ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨਹਿਰੀ ਪਟਵਾਰੀਆਂ ’ਤੇ ਦਬਾਅ ਬਣਾ ਰਹੇ ਹਨ ਕਿ ਉਹ ਜਾਅਲੀ ਐਂਟਰੀਆਂ ਪਾਉਣ ਕਿ ਨਹਿਰੀ ਪਾਣੀ ਪੰਜਾਬ ਦੇ ਹਰ ਖੇਤ ਤੱਕ ਪਹੁੰਚਦਾ ਹੈ ਤੇ ਪੰਜਾਬ ਕੋਲ ਸਿੰਜਾਈ ਵਾਸਤੇ ਵਾਧੂ ਨਹਿਰੀ ਪਾਣੀ ਹੈ। ਇਹ ਰਿਪੋਰਟ ਸੁਪਰੀਮ ਕੋਰਟ ਵਿਚ ਸੌਂਪ ਕੇ ਅਦਾਲਤੀ ਹੁਕਮ ਰਾਹੀਂ ਐੱਸਵਾਈਐੱਲ ਨਹਿਰ ਦੀ ਉਸਾਰੀ ਦਾ ਰਾਹ ਪੱਧਰਾ ਕੀਤਾ ਜਾਵੇਗਾ ਪਰ ਅਕਾਲੀ ਦਲ ਇਸ ਸਾਜ਼ਿਸ਼ ਦਾ ਵਿਰੋਧ ਕਰੇਗਾ।

Advertisement
Author Image

joginder kumar

View all posts

Advertisement
Advertisement
×