ਪਾਵਰਕੌਮ ਨੇ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਕੰਟਰੋਲ ਰੂਮ ਬਣਾਇਆ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਪਰੈਲ
ਪਾਵਰਕੌਮ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਵਰਕੌਮ ਵੱਲੋਂਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਪਾਵਰਕੌਮ ਦੇ ਅਧਿਕਾਰੀਆਂ ਅਨੁਸਾਰ ਸੂਬੇ ਭਰ ਵਿੱਚ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਦੀ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ ਜਿਸ ਤਹਿਤ ਜਿੱਥੋਂ-ਜਿੱਥੋਂ ਇਹ ਤਾਰਾ ਨਿਕਲਦੀਆਂ ਹਨ, ਉਨ੍ਹਾਂ ਇਲਾਕਿਆਂ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ ਨੀਵੀਆਂ ਤਾਰਾਂ ਅਤੇ ਜੀਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ’ਤੇ ਦਿੱਤੀ ਜਾ ਸਕਦੀ ਹੈ। ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਣੇ ਲੋਕੇਸ਼ਨ ਵਟਸਐਪ ਨੰਬਰ 96461-06835/36 ’ਤੇ ਭੇਜੀ ਜਾ ਸਕਦੀ ਹੈ।
ਕਿਸਾਨਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਪਾਵਰਕੌਮ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। ਇਸ ਤਹਿਤ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀਓ ਸਵਿੱਚ ਦੇ ਨਜ਼ਦੀਕ ਨਾ ਰੱਖਣ, ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲੈਣ, ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਣ, ਕਣਕ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕਰਨ, ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਣ, ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਹਾਰਵੈਸਟਰ ਕੰਬਾਈਨ ਸਿਰਫ਼ ਦਿਨ ਵੇਲੇ ਹੀ ਚਲਾਉਣ ਅਤੇ ਹਾਰਵੈਸਟਰ ਕੰਬਾਈਨ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ’ਤੇ ਧਿਆਨ ਰੱਖਣ ਲਈ ਕਿਹਾ ਗਿਆ ਹੈ।