ਪਾਵਰਕੌਮ ਪੈਨਸ਼ਨਰਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਖੰਨਾ, 19 ਅਕਤੂਬਰ
ਇਥੋਂ ਦੇ ਭੰਡਾਰੀ ਪਾਰਕ ਵਿੱਚ ਪੈਨਸ਼ਨਰ ਐਸੋਸ਼ੀਏਸ਼ਨ ਪਾਰਵਕੌਮ ਸਰਕਲ ਵਰਕਿੰਗ ਕਮੇਟੀ ਖੰਨਾ ਦੇ ਮੈਬਰਾਂ ਦੀ ਇੱਕਤਰਤਾ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਸੇਵਕ ਸਿੰਘ ਮੋਹੀ ਅਤੇ ਇੰਦਰਜੀਤ ਸਿੰਘ ਅਕਾਲ ਨੇ ਪੈਨਸ਼ਨਰਾਂ ਵੱਲੋਂ ਦਿੱਤੇ ਮੰਗ ਪੱਤਰ ’ਤੇ ਯੂਨੀਅਨ ਨੂੰ ਮੀਟਿੰਗ ਲਈ ਸਮਾਂ ਦੇ ਕੇ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਦਾ ਬਹਾਨਾ ਲਾਉਣ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ‘ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਸਿਰਫ਼ ਲਾਰਾ ਲਾਊ ਨੀਤੀ ਅਪਣਾ ਕੇ ਸੱਤਾ ਵਿੱਚ ਆਈ ਹੈ ਤੇ ਹਰ ਵਰਗ ਨੂੰ ਆਪਣੀਆਂ ਮੰਗਾਂ ਸਬੰਧੀ ਰੋਸ ਮੁਜ਼ਾਹਰੇ ਕਰਨ ਲਈ ਮਜਬੂਰ ਕਰ ਰਹੀ ਹੈ। ਉਪਰਕੋਤ ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਤਨਖਾਹ ਕਮਿਸ਼ਨ ਦਾ ਬਕਾਇਆ ਦਿੱਤਾ ਜਾਵੇ, 12 ਫੀਸਦੀ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਗੁਣਾਂਕ ਨਾਲ ਪੈਨਸ਼ਨ ਦਿੱਤੀ ਜਾਵੇ।