ਪਾਵਰਕੌਮ ਪੈਨਸ਼ਨਰਜ਼ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਫ਼ੈਸਲਾ
ਪੱਤਰ ਪ੍ਰੇਰਕ
ਮਹਿਲ ਕਲਾਂ, 4 ਫਰਵਰੀ
ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਬ-ਡਿਵੀਜ਼ਨ ਮਹਿਲ ਕਲਾਂ ਦੇ ਪੈਨਸ਼ਨਰਾਂ ਦੀ ਮੀਟਿੰਗ ਜਥੇਬੰਦੀ ਦੇ ਡਿਵੀਜ਼ਨ ਪ੍ਰਧਾਨ ਇੰਜਨੀਅਰ ਕੇਵਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਮਹਿਲ ਕਲਾਂ ਵਿੱਚ ਹੋਈ। ਇਸ ਮੌਕੇ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ ਬਰਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਲਗਾਤਾਰ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਰਾਹੀਂ ਕਈ ਵਾਰ ਮੰਗ ਪੱਤਰ ਦਿੱਤੇ ਜਾਣ ਦੇ ਬਾਵਜੂਦ ਵੀ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਜਥੇਬੰਦੀ ਵੱਲੋਂ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੈਨਸ਼ਨਰਾਂ ਦੀਆ ਮੰਗਾਂ ਦੀ ਪ੍ਰਾਪਤੀ ਲਈ ਫਰਵਰੀ ਮਹੀਨੇ ਪੰਜਾਬ ਸਰਕਾਰ ਦੇ ਮੰਤਰੀਆਂ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਮੰਗਾਂ ਨਾ ਮੰਨੀਆ ਤਾਂ ਰੋਸ ਵਜੋਂ ਆਉਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪੈਨਸ਼ਨਰਾਂ ਤੇ ਮੁਲਾਜ਼ਮ ਫਰੰਟ ਵੱਲੋਂ ਸਾਂਝੇ ਤੌਰ ਤੇ ਡੱਟ ਕੇ ਵਿਰੋਧ ਕੀਤਾ ਜਾਵੇਗਾ।