ਪਾਵਰਕੌਮ ਅਧਿਕਾਰੀਆਂ ਦਾ ਪੁਤਲਾ ਫੂਕਿਆ
ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 22 ਅਗਸਤ
ਪਿੰਡ ਫ਼ਰੀਦਕੋਟ ਕੋਟਲੀ ਵਿੱਚ ਬੀਤੇ ਦਿਨੀਂ ਬਿਜਲੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਬਿਜਲੀ ਚੋਰੀ ਨੂੰ ਲੈ ਕੇ ਮਾਰੇ ਗਏ ਛਾਪਿਆਂ ਤੋਂ ਬਾਅਦ ਪਿੰਡ ਦੇ ਇੱਕੋ ਪਰਿਵਾਰ ਦੇ ਤਿੰਨ ਵਿਅਕਤੀਆਂ ਸਣੇ ਦਸ ਅਣਪਛਾਤੇ ਵਿਅਕਤੀਆਂ ’ਤੇ ਕੇਸ ਦਰਜ ਕਰਵਾ ਦਿੱਤਾ ਗਿਆ ਸੀ, ਜਿਸ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਫ਼ਰੀਦਕੋਟ ਕੋਟਲੀ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਕਿਸਾਨ ਆਗੂ ਕੁਲਵੰਤ ਰਾਏ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਸਾਰੇ ਮੁਲਕ ਨਾਲੋਂ ਵੱਧ ਮਹਿੰਗੀ ਬਿਜਲੀ ਕਰਕੇ ਪਹਿਲਾਂ ਹੀ ਆਮ ਲੋਕਾਂ ਦਾ ਕਚੂੰਮਰ ਕੱਢਿਆ ਜਾ ਰਿਹਾ ਹੈ ਅਤੇ ਆਮ ਗਰੀਬਾਂ ਦੇ ਘਰਾਂ ਵਿੱਚ ਕੁੰਡੀਆਂ ਫੜਨ ਦੇ ਬਹਾਨੇ ਛਾਪੇ ਮਾਰੇ ਜਾ ਰਹੇ ਹਨ ਜਦਕਿ ਚਾਹੀਦਾ ਇਹ ਹੈ ਕਿ ਵੱਡੇ ਕਾਰਪੋਰੇਟ ਘਰਾਣੇ ਜਿਨ੍ਹਾਂ ਦੀਆਂ ਫੈਕਟਰੀਆਂ ਵਿੱਚ ਲੱਖਾਂ ਰੁਪਏ ਬਿਜਲੀ ਚੋਰੀ ਹੋ ਰਹੀ ਹੈ, ਉਨ੍ਹਾਂ ਨੂੰ ਚੈੱਕ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਕੇਸ ਰੱਦ ਨਾ ਕੀਤਾ ਗਿਆ ਤਾਂ 31 ਅਗਸਤ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਬਾਦਲ ਗਰਿੱਡ ਨੂੰ ਕੇਸ ਰੱਦ ਹੋਣ ਤੱਕ ਪੱਕੇ ਤੌਰ ’ਤੇ ਘੇਰਿਆ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਅਜੇਪਾਲ ਸਿੰਘ, ਰਾਮ ਸਿੰਘ ਕੋਟਗੁਰੂ, ਧਰਮਪਾਲ ਸਿੰਘ ਜੰਡੀਆਂ, ਮਹਿੰਗਾ ਸਿੰਘ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਵੀ ਸੰਬੋਧਨ ਕੀਤਾ।