ਪਾਵਰਕੌਮ ਦਾ ਸਹਾਇਕ ਲਾਈਨਮੈਨ 10 ਹਜ਼ਾਰ ਰੁਪਏ ਦੀ ਵੱਢੀ ਲੈਂਦਾ ਕਾਬੂ
ਨਿੱਜੀ ਪੱਤਰ ਪ੍ਰੇਰਕ
ਮੋਗਾ, 2 ਸਤੰਬਰ
ਇੱਥੇ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏਐੱਲਐੱਮ) ਨੂੰ 10 ਹਜ਼ਾਰ ਰੁਪਏ ਦੀ ਵੱਢੀ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿਚ ਪਾਵਰਕੌਮ ਐੱਸਡੀਓ ਦੀ ਭੂਮਿਕਾ ਦੀ ਵੀ ਵਿਜੀਲੈਂਸ ਜਾਂਚ ਕੀਤੀ ਜਾ ਰਹੀ ਹੈ।
ਡੀਐੱਸਪੀ ਵਿਜੀਲੈਂਸ ਜਸਤਿੰਦਰ ਸਿੰਘ ਰਾਣਾ ਧਾਲੀਵਾਲ ਨੇ ਦੱਸਿਆ ਕਿ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਉਨ੍ਹਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਢਾਬੇ ’ਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਐੱਸਡੀਓ ਜਰਨੈਲ ਸਿੰਘ ਅਤੇ ਏਐੱਲਐੱਮ ਸੋਮ ਨਾਥ ਨੇ ਬਕਾਇਆ ਬਿੱਲਾਂ ਦੀ ਕਿਸ਼ਤਾਂ ਵਿੱਚ ਅਦਾਇਗੀ ਕਰਨ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਵਿਜੀਲੈਂਸ ਮੁਤਾਬਕ ਏਐਲਐਮ ਸੋਮ ਨਾਥ ਨੇ ਮੁੜ ਢਾਬੇ ’ਤੇ ਦੋ ਵਾਰ ਫਿਰ ਰਿਸ਼ਵਤ ਦੀ ਮੰਗ ਕੀਤੀ ਸੀ। ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10 ਹਜ਼ਾਰ ਰੁਪਏ ਰਿਸ਼ਵਤ ਦੀ ਤੀਜੀ ਕਿਸ਼ਤ ਲੈਂਦਿਆਂ ਏਐੱਲਐੱਮ ਸੋਮਨਾਥ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜਮ ਖ਼ਿਲਾਫ਼ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।