ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਗੁਰੂ ਹਰਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪਾਤਸ਼ਾਹੀ ਅੱਠਵੀਂ ਪੰਜੋਖਰਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸੂਬਿਆਂ, ਹਰਿਆਣਾ ਦੇ ਕਈ ਜ਼ਿਲ੍ਹਿਆਂ ਅਤੇ ਵਿਸ਼ੇਸ਼ ਕਰ ਕੇ ਅੰਬਾਲਾ ਜ਼ਿਲ੍ਹੇ ਦੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਗੁਰੁਦਆਰੇ ਵਿਖੇ ਨਤਮਸਤਕ ਹੋਈ। ਇਸ ਦੌਰਾਨ ਕਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਬਾਬਾ ਗੁਰਮੀਤ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਹੋਰ ਮੈਂਬਰ ਮੌਜੂਦ ਸਨ। ਤੀਜੇ ਦਿਨ ਦੇ ਸਮਾਗਮ ਵਿੱਚ ਵੱਖ-ਵੱਖ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ ਅਤੇ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਕਥਾਕਾਰਾਂ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਦਾ ਜ਼ਿਕਰ ਕੀਤਾ। ਸਟੇਜ ਸੰਚਾਲਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬੂਟਾ ਸਿੰਘ ਨੇ ਕੀਤਾ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਕਾਸ਼ ਪੁਰਬ ਸਮਾਗਮ ਨੂੰ ਸਫਲ ਬਣਾਉਣ ਲਈ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਦੇ ਦੋ ਉਪ ਦਫ਼ਤਰ ਸ਼ੁਰੂ ਕੀਤੇ ਗਏ ਹਨ ਅਤੇ ਤੀਜਾ ਉਪ ਦਫ਼ਤਰ ਜਲਦੀ ਹੀ ਜੀਂਦ ਵਿੱਚ ਸਥਾਪਿਤ ਕੀਤਾ ਜਾਵੇਗਾ।ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹਰਿਆਣਾ ਕਮੇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।