ਪ੍ਰਕਾਸ਼ ਪੁਰਬ: ਹਰਿਮੰਦਰ ਸਾਹਿਬ ’ਚ ਅੱਜ ਸਜਾਏ ਜਾਣਗੇ ਜਲੌਅ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜਨਵਰੀ
ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਭਲਕੇ 6 ਜਨਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਮਾਜਿਕ ਬੁਰਾਈਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।
ਇਸ ਸਬੰਧ ਵਿੱਚ 6 ਜਨਵਰੀ ਨੂੰ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਸਵੇਰੇ 8 ਤੋਂ 12 ਵਜੇ ਤੱਕ ਜਲੌਅ ਸਜਾਏ ਜਾਣਗੇ। ਇਹ ਜਲੌਅ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸਜਾਏ ਜਾਣਗੇ। ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰਪੁਰਬ ਦੇ ਸਬੰਧ ਵਿੱਚ ਸਾਰਾ ਦਿਨ ਗੁਰਮਤਿ ਸਮਾਗਮ ਚਲਦੇ ਰਹਿਣਗੇ, ਸ਼ਾਮ ਨੂੰ ਰਹਿਰਾਸ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਜਾਵੇਗੀ, ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ’ਤੇ ਦੀਪਮਾਲਾ ਕੀਤੀ ਜਾਵੇਗੀ। ਸ੍ਰੀ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕਰਦਿਆਂ ਆਖਿਆ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਿਤ ਕਰਨੀਆਂ ਚਾਹੀਦੀਆਂ ਹਨ। ਇਸ ਦੌਰਾਨ ਗੁਰਪੁਰਬ ਦੇ ਸਬੰਧ ਵਿੱਚ ਸ਼ਹਿਰ ਵਿੱਚ ਵੱਖ-ਵੱਖ ਇਤਿਹਾਸਿਕ ਅਤੇ ਹੋਰ ਗੁਰਦੁਆਰਿਆਂ ਵਿੱਚ ਵੀ ਗੁਰਮਤਿ ਸਮਾਗਮ ਹੋਣਗੇ।