For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਪੁਰਬ: ਤਖ਼ਤ ਕੇਸਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ

11:15 AM Nov 26, 2023 IST
ਪ੍ਰਕਾਸ਼ ਪੁਰਬ  ਤਖ਼ਤ ਕੇਸਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਮੁਹਾਲੀ ਵਿੱਚ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ।
Advertisement

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਨਗਾਰਿਆਂ, ਜੈਕਾਰਿਆਂ ਤੇ ਸਕੂਲ ਬੈਂਡ ਦੀਆਂ ਧੁਨਾਂ ਨਾਲ ਰਵਾਨਾ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਸਣੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ।
ਇਹ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਅਗੰਮਪੁਰ, ਝੱਜ ਚੌਕ, ਨੂਰਪੁਰ ਬੇਦੀ, ਬੁੰਗਾ ਸਾਹਿਬ ਅਤੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕਵਲ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ ਤੋਂ ਸ਼ੁਰੂ ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਨਿਹੰਗ ਸਿੰਘਾਂ ਅਤੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ। ਸ਼ਹਿਰ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਦਸਮੇਸ਼ ਵੈੱਲਫੇਅਰ ਕੌਂਸਲ ਵੱਲੋਂ ਮਦਨਪੁਰ ਚੌਕ ’ਤੇ ਸੰਗਤ ਨੂੰ ਬੂਟੇ ਵੰਡੇ।
ਰੂਪਨਗਰ (ਪੱਤਰ ਪ੍ਰੇਰਕ): ਇੱਥੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਗੁਰੂ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਵਾਪਸ ਗੁਰਦੁਆਰਾ ਗੁਰੂ ਸਿੰਘ ਸਭਾ ਪੁੱਜ ਕੇ ਸੰਪੂਰਨ ਹੋਇਆ। ਨਗਰ ਕੀਰਤਨ ਵਿੱਚ ਸ਼ਹਿਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦਾ ਬੈਂਡ ਅਤੇ ਗਤਕਾ ਪਾਰਟੀਆਂ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਰਹੀਆਂ। ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਭਾਟੀਆ ਤੇ ਹੋਰ ਹਾਜ਼ਰ ਸਨ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਖੁੱਡਾ ਅਲੀਸ਼ੇਰ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਬਾਬਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਬਾਗ ਸਾਹਿਬ ਤੋਂ ਪੰਜਾਬ ਦੇ ਪਿੰਡ ਵੱਡੀ ਕਰੌਰ, ਛੋਟੀ ਕਰੌਰ, ਨਵਾਂ ਗਾਉਂ, ਕਾਂਸਲ, ਟ੍ਰਿਬਿਊਨ ਕਲੋਨੀ ਕਾਂਸਲ ਨੂੰ ਹੁੰਦਾ ਹੋਇਆ ਵਾਪਸ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਆ ਕੇ ਸੰਪੂਰਨ ਹੋਇਆ।
ਲਾਲੜੂ (ਪੱਤਰ ਪ੍ਰੇਰਕ): ਲਾਲੜੂ ਮੰਡੀ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਬੈਂਡ, ਗਤਕਾ ਪਾਰਟੀਆਂ ਨੇ ਵੀ ਆਪਣੇ ਜੌਹਰ ਦਿਖਾਏ। ਇਹ ਨਗਰ ਕੀਰਤਨ ਲਾਲੜੂ ਮੰਡੀ ਦੀ ਮਾਡਲ ਕਲੋਨੀ ਤੋਂ ਸ਼ੁਰੂ ਹੋ ਕੇ ਗੁਲਮੋਹਰ ਸਿਟੀ, ਆਈਟੀਆਈ ਚੌਕ, ਲਾਲੜੂ ਪਿੰਡ, ਮੁੱਖ ਬਾਜ਼ਾਰ, ਸੈਣੀ ਮਾਰਕੀਟ, ਸਰਦਾਰਪੁਰਾ ਕਲੋਨੀ ਤੋਂ ਹੁੰਦਾ ਹੋਇਆ ਵਾਪਸ ਲਾਲੜੂ ਮੰਡੀ ਆ ਕੇ ਸੰਪੂਰਨ ਹੋਇਆ।
ਕੁਰਾਲੀ (ਪੱਤਰ ਪ੍ਰੇਰਕ): ਪ੍ਰਕਾਸ਼ ਪੁਰਬ ਸਬੰਧੀ ਅੱਜ ਸਥਾਨਕ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਵਰਨ ਸਿੰਘ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਵਿੱਚ ਭਾਰੀ ਗਿਣਤੀ ਸੰਗਤ ਨੇ ਸ਼ਿਰਕਤ ਕੀਤੀ। ਸ਼ਹਿਰ ਦੀਆਂ ਵੱਖ ਵੱਖ ਸੜਕਾਂ ਤੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਨਗਰ ਕੀਰਤਨ ਮੁੜ ਗੁਰਦੁਆਰਾ ਸਾਹਿਬ ਪੁੱਜ ਕੇ ਸਮਾਪਤ ਹੋਇਆ। ਇਸੇ ਦੌਰਾਨ ਪਿੰਡ ਖੇੜਾ ਦੀ ਸੰਗਤ ਵੱਲੋਂ ਵੀ ਨਗਰ ਕੀਰਤਨ ਸਜਾਇਆ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×