For the best experience, open
https://m.punjabitribuneonline.com
on your mobile browser.
Advertisement

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

09:03 AM Oct 20, 2024 IST
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਪਮਾਲਾ ਕਰਦੀ ਹੋਈ ਸੰਗਤ। -ਫੋਟੋ: ਪੀਟੀਆਈ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਅਕਤੂਬਰ
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਮੌਕੇ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਵੱਡੀ ਗਿਣਤੀ ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਅਤੇ ਕੀਰਤਨ ਸਰਵਣ ਕੀਤਾ। ਗੁਰਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਗਈ।
ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਨਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਸਣੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਸਬੰਧ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਮਗਰੋਂ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ।
ਇਸ ਤੋਂ ਪਹਿਲਾਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਰਾਮਦਾਸ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਦੇ ਜੀਵਨ ਇਤਿਹਾਸ ਆਦਿ ਬਾਰੇ ਕਵਿਤਾਵਾਂ ਰਾਹੀਂ ਚਾਨਣਾ ਪਾਇਆ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਜੇਤੂ ਰਹੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਲੰਘੀ ਰਾਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵੀ ਕਰਵਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।

Advertisement

ਗੁਰਪੁਰਬ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਹਰਿਮੰਦਰ ਸਾਹਿਬ ’ਚ ਨਤਮਸਤਕ

ਅੰਮ੍ਰਿਤਸਰ (ਟਨਸ): ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਦੇਸ਼ ਵਿਦੇਸ਼ ਤੋਂ ਲਗਪਗ 5 ਲੱਖ ਤੋਂ ਵੱਧ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਏ ਹਨ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਲੇਜ਼ਰ ਲਾਈਟਾਂ ਦਾ ਪ੍ਰਦਰਸ਼ਨ ਕੀਤਾ ਗਿਆ ਹੈ, ਜਿਸ ਨਾਲ ਗੁਰੂ ਘਰ ਦੀ ਅਲੌਕਿਕ ਦਿੱਖ ਹੋਰ ਵਧ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਮੁਤਾਬਕ ਇਸ ਵਾਰ ਲਗਪਗ 5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਗੁਰੂ ਘਰ ਪਹੁੰਚ ਕੇ ਮੱਥਾ ਟੇਕਿਆ ਹੈ। ਇਸ ਸਬੰਧ ’ਚ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਪਣੀਆਂ ਸਰਾਵਾਂ ਤੋਂ ਇਲਾਵਾ ਆਲੇ ਦੁਆਲੇ ਦੇ ਵੱਖ-ਵੱਖ ਹੋਟਲਾਂ ’ਚ ਵੀ ਸੰਗਤ ਦੀ ਰਿਹਾਇਸ਼ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਪਹੁੰਚੀ ਸੰਗਤ ਦੇਰ ਰਾਤ ਆਤਿਸ਼ਬਾਜ਼ੀ ਹੋਣ ਤੱਕ ਮੌਜੂਦ ਰਹੀ। ਮੈਨੇਜਰ ਮੁੁਤਾਬਕ ਇੱਕ ਸ਼ਰਧਾਲੂ ਵੱਲੋਂ ਲੇਜ਼ਰ ਲਾਈਟਾਂ ਦੀ ਸੇਵਾ ਕੀਤੀ ਗਈ ਹੈ ਤੇ ਇਹ ਲੇਜ਼ਰ ਲਾਈਟਾਂ ਸ੍ਰੀ ਹਰਿਮੰਦਰ ਸਾਹਿਬ ਦੇ ਚਾਰੋਂ ਪਾਸੇ ਲਾਈਆਂ ਗਈਆਂ ਹਨ।

Advertisement

Advertisement
Author Image

Advertisement