ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਪੱਤਰ ਪ੍ਰੇਰਕ
ਤਰਨ ਤਾਰਨ, 19 ਅਕਤੂਬਰ
ਸਥਾਨਕ ਮਮਤਾ ਨਿਕੇਤਨ ਸਕੂਲ ਵਿੱਚ ਅੱਜ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥਣਾਂ ਨੇ ਸ਼ਬਦ ਗਾਇਣ ਕੀਤਾ ਅਤੇ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਇਆ| ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਗੁਰਚਰਨ ਕੌਰ ਨੇ ਗੁਰੂ ਰਾਮਦਾਸ ਦੇ ਜੀਵਨ ਬਾਰੇ ਚਾਨਣਾ ਪਾਇਆ।
ਧਾਰੀਵਾਲ (ਪੱਤਰ ਪ੍ਰੇਰਕ): ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀਆਈ) ਸਕੂਲ ਕਲਿਆਣਪੁਰ ਵਿੱਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਅਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਨੇ ਗੁਰੂ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸੇ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਸਕੂਲ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਮਨਾਇਆ ਗਿਆ। ਪਠਾਨਕੋਟ (ਪੱਤਰ ਪ੍ਰੇਰਕ): ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇੱਥੇ ਨਗਰ ਕੌਂਸਲ ਦਫ਼ਤਰ ਸੁਜਾਨਪੁਰ ਵਿੱਚ ਈਓ ਬਲਜੀਤ ਸਿੰਘ ਦੀ ਦੇਖ-ਰੇਖ ਹੇਠ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਮਗਰੋਂ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸੇ ਤਰ੍ਹਾਂ ਇੱਥੋਂ ਦੇ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿੱਚ ਪ੍ਰਕਾਸ਼ ਪੁਰਬ ਮਨਾਇਆ ਗਿਆ।
ਖਾਲਸਾ ਕਾਲਜ ਵਿੱਚ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ (ਪੱਤਰ ਪ੍ਰੇਰਕ): ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਵਿੱਚ ਸਥਿਤ ਗੁਰਦੁਆਰੇ ਵਿੱਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੌਂਸਲ ਦੇ ਸੰਯੁਕਤ ਸਕੱਤਰ ਅਜਮੇਰ ਸਿੰਘ ਹੇਰ, ਪਰਮਜੀਤ ਸਿੰਘ ਬੱਲ ਹਾਜ਼ਰ ਸਨ।