ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ
ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 19 ਅਕਤੂਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਸਾਹਿਬ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਵੱਲੋਂ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾਉਣ ਦੇ ਪ੍ਰਸੰਗ ਬਾਰੇ ਜਾਣੂ ਕਰਵਾਇਆ। ਭਾਈ ਗੁਰਦੀਪ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਜਬੀਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦਰਜ ਗੁਰੂ ਸਾਹਿਬ ਦੀ ਬਾਣੀ ਬਾਰੇ ਦੱਸਿਆ। ਇਸ ਮੌਕੇ ਬੀਬੀ ਹਰਮੀਤ ਕੌਰ ਲੁਧਿਆਣਾ, ਭਾਈ ਇੰਦਰਜੀਤ ਸਿੰਘ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਰਮਨਦੀਪ ਸਿੰਘ ਜਵੱਦੀ ਟਕਸਾਲ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਮੀਤ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਕੀਤੀਆਂ। ਗੁਰੂ ਕਾ ਲੰਗਰ ਅਤੁੱਟ ਵਰਤਿਆ।