ਆਪਣੀ ਧੀ ਜੈਇੰਦਰ ਨਾਲ ਨਾਮਜ਼ਦਗੀ ਦਾਖ਼ਲ ਕਰਨ ਪੁੱਜੀ ਪ੍ਰਨੀਤ ਕੌਰ
ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਮਈ
ਇੱਥੇ ਅੱਜ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਉਨ੍ਹਾਂ ਆਪਣੀ ਲੜਕੀ ਜੈਇੰਦਰ ਕੌਰ ਨੂੰ ਕਵਰਿੰਗ ਉਮੀਦਵਾਰ ਬਣਾਇਆ। ਨਾਮਜ਼ਦਗੀ ਦਾਖ਼ਲ ਕਰਨ ਮਗਰੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਪਟਿਆਲਾ ’ਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਸ਼ੇਰਾਂਵਾਲਾ ਗੇਟ ਤੋਂ ਕਿਲ੍ਹਾ ਚੌਕ ਤੱਕ ਕੀਤਾ ਗਿਆ ਜਿਸ ਵਿੱਚ ਸ਼ਹਿਰ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ, ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ, ਜਨਰਲ ਸਕੱਤਰ ਅਨਿਲ ਸਰੀਨ, ਪ੍ਰਨੀਤ ਕੌਰ ਦੀ ਧੀ ਜੈਇੰਦਰ ਕੌਰ ਤੇ ਪੁੱਤਰ ਰਣਇੰਦਰ ਸਿੰਘ ਸਦੇ ਸਾਬਕਾ ਮੇਅਰ ਸੰਜੀਵ ਬਿੱਟੂ ਵੀ ਮੌਜੂਦ ਸਨ। ਪ੍ਰਨੀਤ ਕੌਰ ਦੇ ਪਤੀ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਠੀਕ ਨਾ ਹੋਣ ਕਾਰਨ ਇਸ ਮੌਕੇ ਗੈਰ-ਹਾਜ਼ਰ ਸਨ।
ਪ੍ਰਨੀਤ ਕੌਰ ਨੇ ਕਿਹਾ ਕਿ ਲੋਕਾਂ ਦਾ ਮੋਦੀ ਦੀਆਂ ਗਾਰੰਟੀਆਂ ਵਿੱਚ ਅਥਾਹ ਵਿਸ਼ਵਾਸ ਹੈ ਅਤੇ ਲੋਕ ਭਾਜਪਾ ਨੂੰ ਵੋਟ ਪਾਉਣ ਦਾ ਮਨ ਬਣਾ ਚੁੱਕੇ ਹਨ। ਅਸਾਮ ਦੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੋਦੀ ਹੁਣ ਭਾਰਤ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 400 ਤੋਂ ਵੱਧ ਸੀਟਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪੰਜਾਬ ਵਿੱਚ ‘ਆਪ’ ਦੇ ਪ੍ਰਚਾਰ ਲਈ ਕੰਮ ਕਰ ਰਹੀ ਹੈ। ‘ਆਪ’ ਸਰਕਾਰ ਦੀ ਆਲੋਚਨਾ ਕਰਦੇ ਹੋਏ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਅਫਸੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਇਸ ਸਰਕਾਰ ਖ਼ਿਲਾਫ਼ ਲੋਕਾਂ ਦਾ ਰੋਸ ਵਧ ਰਿਹਾ ਹੈ।