For the best experience, open
https://m.punjabitribuneonline.com
on your mobile browser.
Advertisement

ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ

07:58 AM Dec 19, 2023 IST
ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ
ਅਰਦਾਸ ਸਮਾਗਮ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੋਰ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਦਸੰਬਰ
ਦੋ ਸਾਲ ਪਹਿਲਾਂ 2021 ਵਿੱਚ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੇ ਸਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅਰਦਾਸ ਕੀਤੀ ਗਈ। ਇਸ ਅਰਦਾਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦਾ ਅਰਦਾਸ ਸਮਾਗਮ ਕੌਮ ਦੇ ਸਮੂਹਿਕ ਰੋਹ ਅਤੇ ਨਿਆਂ ਲਈ ਚੱਲ ਰਹੀ ਜੱਦੋ-ਜਹਿਦ ਦਾ ਪ੍ਰਤੀਕ ਹੈ। ਮਗਰੋਂ ਸਿੱਖ ਜਥੇਬੰਦੀ ਦੇ ਕਾਰਕੁਨਾਂ ਨੇ ਤਖ਼ਤੀਆਂ ਫੜ ਕੇ ਇਸ ਘਟਨਾ ਨੂੰ ਬਿਨਾਂ ਹੱਲ ਕੀਤੇ ਹੀ ਵਿਚਾਲੇ ਛੱਡਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਵੀ ਕੀਤਾ।
ਸਮਾਗਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਸ੍ਰੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਹੈ ਕਿ ਬੇਅਦਬੀ ਕਰਨ ਵਾਲਿਆਂ ਦੀ ਪਛਾਣ ਤੇ ਉਨ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਜੱਗ-ਜ਼ਾਹਿਰ ਕਰਨ ਅਤੇ ਉਨ੍ਹਾਂ ਨੂੰ ਸਜ਼ਾਵਾਂ ਦੇਣ ਤੇ ਨਿਆਂ ਦੀ ਪ੍ਰਾਪਤੀ ਲਈ ਸਿੱਖ ਕੌਮ ਨੂੰ ਲੜਦੇ ਰਹਿਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਇਸ ਅਰਦਾਸ ਸਮਾਗਮ ਦਾ ਮਕਸਦ ਨਾ ਸਿਰਫ਼ ਬੀਤੇ ਸਾਲ ਦੀ ਘਟਨਾ ਦੀ ਯਾਦ ਨੂੰ ਚੇਤੇ ਕਰਨਾ ਹੈ, ਸਗੋਂ ਗੁਰੂ ਸਾਹਿਬਾਨ ਦਾ ਅਦਬ, ਗੁਰਧਾਮਾਂ ਦੀ ਮਾਣ-ਮਰਿਆਦਾ ਅਤੇ ਕੌਮੀ ਸਵੈਮਾਣ ਪ੍ਰਤੀ ਆਪਣੀ ਕੌਮੀ ਦ੍ਰਿੜ੍ਹਤਾ ਤੇ ਏਕਤਾ ਦੇ ਸਬੂਤ ਦਾ ਸੁਨੇਹਾ ਦੇਣਾ ਵੀ ਹੈ।
ਅਰਦਾਸ ਉਪਰੰਤ ਦਲ ਖਾਲਸਾ ਦੇ ਕਾਰਕੁਨਾਂ ਨੇ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਆ ਕੇ ਸਰਕਾਰ ਵੱਲੋਂ ਇਸ ਅਪਰਾਧ ਨੂੰ ਅਣ-ਸੁਲਝਿਆ ਛੱਡਣ ਦੇ ਰੋਸ ਵਜੋਂ ਰੋਸ ਦਿਖਾਵਾ ਕੀਤਾ ਗਿਆ। ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 18 ਦਸੰਬਰ 2021 ਨੂੰ ਇੱਕ ਮਾੜੇ ਅਨਸਰ ਨੇ ਦਰਬਾਰ ਸਾਹਿਬ ਦੇ ਪਾਵਨ ਅਸਥਾਨ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ। ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਪੁਲੀਸ ਦੀਆਂ ਐਡਵਾਂਸ ਬਾਇਓਮੀਟ੍ਰਿਕ ਤਕਨੀਕਾਂ ਦੇ ਬਾਵਜੂਦ ਬੇਅਦਬੀ ਦੇ ਦੋਸ਼ੀ ਦੀ ਪਛਾਣ ਇੱਕ ਰਹੱਸ ਬਣ ਚੁੱਕੀ ਹੈ। ਇਸ ਮੌਕੇ ਦਲ ਖਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ, ਬੁਲਾਰੇ ਪਰਮਜੀਤ ਸਿੰਘ ਮੰਡ ਅਤੇ ਹਰਚਰਨਜੀਤ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Author Image

joginder kumar

View all posts

Advertisement