ਡੱਲੇਵਾਲ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 11 ਦਸੰਬਰ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 15 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਵਿੱਚ ਅਰਦਾਸ ਕਰਵਾਈ ਗਈ। ਇਸ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਗੁਰਦੇਵ ਸਿੰਘ ਸੰਗਾਲਾ ਅਤੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬੂਲਾਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ ਤੇ ਕਿਸਾਨੀ ਜਿਣਸਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਲਈ ਕਾਨੂੰਨ ਬਣਾਵੇ।
ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਕਿਸਾਨ ਮਾਰੂ ਨੀਤੀਆਂ ਕਾਰਨ ਖੇਤੀ ਘਾਟੇ ਦਾ ਧੰਦਾ ਬਣ ਗਈ ਹੈ, ਜਿਸ ਕਾਰਨ ਦੇਸ਼ ਭਰ ’ਚੋਂ ਹਰ ਸਾਲ ਹਜ਼ਾਰਾਂ ਕਿਸਾਨ ਖੇਤੀ ਦੇ ਧੰਦੇ ਤੋਂ ਬਾਹਰ ਹੋ ਰਹੇ ਹਨ। ਕੇਂਦਰ ਸਰਕਾਰ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਡਾ. ਐੱਸ. ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਤੁਰੰਤ ਲਾਗੂ ਕਰੇ। ਇਸ ਮੌਕੇ ਭਾਈ ਨਰਿੰਦਰਪਾਲ ਸਿੰਘ, ਦਰਸ਼ਨ ਸਿੰਘ, ਨਾਜਰ ਸਿੰਘ, ਸ਼ਮਸ਼ੇਰ ਸਿੰਘ ਅਤੇ ਬਹਾਦਰ ਸਿੰਘ ਆਦਿ ਹਾਜ਼ਰ ਸਨ।