ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੂੰ ਸਰਕਾਰੀ ਅਦਾਰਿਆਂ ’ਚ ਤਬਦੀਲ ਕਰਨ ਦੀ ਤਿਆਰੀ
ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਜੁਲਾਈ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਦੀ ਅੱਜ ’ਵਰਸਿਟੀ ਦੀ ਵਿੱਤੀ ਸਥਿਤੀ ਸਬੰਧੀ ਮੀਟਿੰਗ ਸੂਬਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿੱਤ ਸਕੱਤਰ ਗੁਰਪ੍ਰੀਤ ਕੌਰ ਨਾਲ ਹੋਈ। ਇਸ ਦੌਰਾਨ ਯੂਨੀਵਰਸਿਟੀ ਦੇ ਖਰਚੇ ਘਟਾਉਣ ਸਮੇਤ ਹੋਰ ਮੁੱਦਿਆਂ ਬਾਰੇ ਵਿਚਾਰ-ਚਰਚਾ ਹੋਈ। ੲਿਸ ਤਹਿਤ ਵਾਧੂ ਮੁਲਾਜ਼ਮਾਂ ਨੂੰ ਯੂਨੀਵਰਸਿਟੀ ਵਿੱਚ ਹੋਰ ਕੰਮਾਂ ਲਈ ਤਾਇਨਾਤ ਕਰਨ ਸਮੇਤ ਪੰਜਾਬ ਸਰਕਾਰ ਦੇ ਕਿਸੇ ਹੋਰ ਅਦਾਰੇ ਵਿੱਚ ਤਬਦੀਲ ਕਰਨ ਦੀ ਤਜਵੀਜ਼ ’ਤੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਯੂਨੀਵਰਸਿਟੀ ਵੱਲੋਂ ਪੋਸਟਾਂ ਅਤੇ ਮੁਲਾਜ਼ਮਾਂ ਬਾਰੇ ਵਿਸਤਰਿਤ ਰਿਪੋਰਟ ਤਿਆਰ ਕੀਤੀ ਜਾਵੇਗੀ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵਿੱਤੀ ਬੋਝ ਨੂੰ ਘਟਾਉਣ ਅਤੇ ਸਰਕਾਰ ਦੇ ਹੋਰ ਜਨਤਕ ਅਦਾਰਿਆਂ ਦੀਆਂ ਸੇਵਾਵਾਂ ਵਿੱਚ ਲੋੜੀਂਦੇ ਅਮਲੇ ਦੀ ਪੂਰਤੀ ਕਰਨ ਦੇ ਉਦੇਸ਼ ਹਿਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਹਦਾਇਤ ਤੇ ਮੁਲਾਜ਼ਮਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਹੀ ਫ਼ੈਸਲੇ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਅੰਡਰ-ਗਰੇਜੂਏਟ ਕੋਰਸਾਂ ਦੇ ਦਾਖਲੇ ਵਿੱਚ ਹੋਏ ਵਾਧੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਹਰ ਪੱਖੋਂ ਬਿਹਤਰ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।