ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਟਰੈਕਟਰ ਮਾਰਚ ਲਈ ਤਿਆਰੀਆਂ ਮੁਕੰਮਲ
ਮਸਤੂਆਣਾ ਸਾਹਿਬ (ਐੱਸਐੱਸ ਸੱਤੀ) 13 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ 27 ਜੁਲਾਈ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਰਤੀ ਕਿਸਾਨ ਯੂਨੀਅਨ ਵੱਲੋਂ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਅੱਗੇ ਟਰੈਕਟਰ ਮਾਰਚ ਕੀਤਾ ਜਾਵੇਗਾ। ਅੱਜ ਪਿੰਡ ਬਡਰੁੱਖਾਂ ’ਚ ਰੈਲੀ ਕਰਕੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ, ਭੁਪਿੰਦਰ ਸਿੰਘ ਲੌਂਗੋਵਾਲ ਤੇ ਜਸਦੀਪ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਜੋ ਨਵੇਂ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕੀਤੇ ਹਨ, ਉਨ੍ਹਾਂ ਕਰਕੇ ਮੰਡੀਕਰਨ ਢਾਂਚਾ ਤਬਾਹ ਹੋਵੇਗਾ ਤੇ ਕੰਪਨੀਆਂ ਕਿਸਾਨਾਂ ਦੀ ਜ਼ਮੀਨ ਹੜੱਪ ਕਰ ਲੈਣਗੀਆਂ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਿੱਚ ਭਾਰੀ ਰੋਸ ਹੈ ਤੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ ਹਨ। ਜੋ ਟਰੈਕਟਰ ਮਾਰਚ ਦਾ ਸੱਦਾ ਦਿੱਤਾ ਗਿਆ ਹੈ ਉਸ ਵਿੱਚ ਵੱਧ ਚੜ੍ਹ ਕੇ ਕਿਸਾਨ ਸ਼ਮੂਲੀਅਤ ਕਰਨਗੇ ਅਤੇ ਇਸ ਦੀ ਤਿਆਰੀ ਸਬੰਧੀ ਜ਼ਿਲ੍ਹੇ ਦੇ ਪਿੰਡਾਂ ਅੰਦਰ ਪਿਛਲੇ ਦਨਿਾਂ ਵਿੱਚ ਰੈਲੀਆਂ, ਢੋਲ ਮਾਰਚ ਤੇ ਮੀਟਿੰਗਾਂ ਕਰਕੇ, ਪਰਚੇ ਵੰਡ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ ਤੇ 27 ਜੁਲਾਈ ਨੂੰ ਕਿਸਾਨ ਵੱਡੀ ਪੱਧਰ ਤੇ ਲੌਂਗੋਵਾਲ ਪਹੁੰਚ ਕੇ ਅਕਾਲੀ ਆਗੂ ਦੇ ਘਰ ਅੱਗੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਗੇ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਅਕਾਲੀ-ਭਾਜਪਾ ਲੀਡਰਾਂ ਦੇ ਘਰਾਂ ਅੱਗੇ 27 ਜੁਲਾਈ ਨੂੰ ਟਰੈਕਟਰ ਮਾਰਚ ਕਰਨ ਦੇ ਦਿੱਤੇ ਸੱਦੇ ਦੀ ਤਿਆਰੀ ਸਬੰਧੀ ਅੱਜ ਪਿੰਡ ਦੁੱਗਾਂ ’ਚ ਰੈਲੀ ਕਰਕੇ ਕਿਸਾਨਾਂ ਨੂੰ ਅਕਾਲੀ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਅੱਗੇ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ। ਪਿੰਡ ਦੁੱਗਾਂ ’ਚ ਕਿਰਤੀ ਕਿਸਾਨ ਯੂਨੀਅਨ ਦੀ 7 ਮੈਂਬਰੀ ਇਕਾਈ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ, ਜਸਦੀਪ ਸਿੰਘ ਬਹਾਦਰਪੁਰ ਨੇ ਕਿਹਾ ਕਿ ਮੌਜੂਦਾ ਸਮੇਂ ਜੋ ਮੰਡੀਕਰਨ ਸਿਸਟਮ ਹੈ, ਇਸ ਕਾਰਨ ਕਿਸਾਨਾਂ ਨੂੰ ਫਸਲ ਦਾ ਸਰਕਾਰੀ ਭਾਅ ਮਿਲ ਜਾਂਦਾ ਹੈ ਤੇ ਉਨ੍ਹਾਂ ਦੀ ਫਸਲ ਸਮੇਂ ਸਿਰ ਚੁੱਕੀ ਜਾਂਦੀ ਹੈ।