ਟਰੇਡ ਯੂਨੀਅਨਾਂ ਦੀ ਸਾਂਝੀ ਰੈਲੀ ਲਈ ਤਿਆਰੀਆਂ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਜੁਲਾਈ
ਟਰੇਡ ਯੂਨੀਅਨਾਂ ਏਟਕ ਪੰਜਾਬ, ਹਿੰਦ ਮਜ਼ਦੂਰ ਸਭਾ, ਸੀਟੀਯੂ ਪੰਜਾਬ ਅਤੇ ਇੰਟਕ ਪੰਜਾਬ ਵੱਲੋਂ ਘੱਟੋ ਘੱਟ ਉਜ਼ਰਤ ਨੂੰ ਲੈ ਕੇ ਲੇਬਰ ਦਫ਼ਤਰ ਮੁਹਾਲੀ ਬਾਹਰ 14 ਜੁਲਾਈ ਨੂੰ ਕੀਤੀ ਜਾ ਰਹੀ ਰੈਲੀ ਦੀ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ।
ਇਸ ਸਬੰਧੀ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਏਟਕ ਦੀ ਹੋਈ ਮੀਟਿੰਗ ਕਾਮਰੇਡ ਬੰਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਏਟਕ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਜਦੂਰਾਂ ਨੂੰ ਭੁੱਖੇ ਮਰਨ ਦੀਆਂ ਨੀਤੀਆਂ ਦਾ ਡਟਵਾਂ ਵਿਰੋਧ ਕਰਨ ਲਈ, ਘਟੋ ਘਟ ਉਜ਼ਰਤ 26 ਹਜ਼ਾਰ ਰੁਪਏ ਮਹੀਨਾ ਕਰਵਾਉਣ ਲਈ ਅਤੇ ਮਜ਼ਦੂਰਾਂ ਦੀਆਂ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੀਆਂ ਪ੍ਰਮੁੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਮੰਗਾਂ ਮਨਵਾਉਣ ਲਈ ਜ਼ੋਰਦਾਰ ਸੰਘਰਸ਼ ਕਰਨ ਬਾਰੇ ਵੀ ਫ਼ੈਸਲਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇ ਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਉੱਘੇ ਏਟਕ ਆਗੂ ਕਾਮਰੇਡ ਕਸ਼ਮੀਰ ਸਿੰਘ ਗਦਾਈਆਂ ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਨਹੀ ਦਿੱਤੀ ਜਾਂਦੀ ਤਾਂ ਏਟਕ ਪੰਜਾਬ ਇਸ ਮਾਮਲੇ ’ਚ ਇਨਸਾਫ਼ ਲਈ ਸੰਘਰਸ਼ ਵਿੱਢੇਗੀ।