ਆਂਗਣਵਾੜੀ ਮੁਲਾਜ਼ਮਾਂ ਵੱਲੋਂ ਦਿੱਲੀ ਰੈਲੀ ਦੀਆਂ ਤਿਆਰੀਆਂ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 9 ਜੁਲਾਈ
ਮਾਲਵਾ ਖੇਤਰ ਨਾਲ ਸਬੰਧਤ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਮਹਿਲਾ ਆਗੂਆਂ ਦੀ ਮੀਟਿੰਗ ਅੱਜ ਇਥੇ ਟੀਚਰਜ਼ ਹੋਮ ਵਿੱਚ ਹੋਈ। ਇਸ ਦੌਰਾਨ ਯੂਨੀਅਨ ਵੱਲੋਂ ਆਂਗਣਵਾੜੀ ਐਂਪਲਾਈਜ਼ ਫ਼ੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ’ਤੇ 28 ਜੁਲਾਈ ਨੂੰ ਕੇਂਦਰ ਸਰਕਾਰ ਖ਼ਿਲਾਫ਼ ਜੰਤਰ ਮੰਤਰ ਦਿੱਲੀ ਵਿਖੇ ਹੋਣ ਵਾਲੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤੀ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਕੇਂਦਰੀ ਕਾਨੂੰਨ ਮੁਤਾਬਿਕ ਘੱਟੋ-ਘੱਟ ਉਜਰਤਾਂ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ 28,258 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ 25,560 ਰੁਪਏ ਮਾਸਿਕ ਮਾਣ-ਭੱਤਾ ਦਿੱਤਾ ਜਾਵੇ। ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦਾ ਗਰੇਡ ਦੇਣ ਦੀ ਮੰਗ ਕੀਤੀ। ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨਿਆਣਾ, ਬਲਵੀਰ ਕੌਰ ਮਾਨਸਾ, ਮਹਿੰਦਰ ਕੌਰ ਪੱਤੋ ਆਦਿ ਆਗੂ ਮੌਜੂਦ ਸਨ।