ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਉਣ ਲਈ ਤਿਆਰੀਆਂ ਸ਼ੁਰੂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਗਸਤ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਲਗਾਤਾਰ ਦੂਜੇ ਸਾਲ ਵੀ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਦਾ ਆਗਾਜ਼ 29 ਅਗਸਤ ਤੋਂ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ। ਇਹ ਗੱਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਨ੍ਹਾਂ ਖੇਡਾਂ ਦੀਆਂ ਤਿਆਰੀਆਂ ਵਜੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਵਾਂਗ ਇਸ ਵਾਰ ਵੀ ਜ਼ਿਲ੍ਹਾ ਸੰਗਰੂਰ ਵਿੱਚ ਸਮੁੱਚੇ ਖੇਡ ਪ੍ਰਬੰਧ ਤਾਲਮੇਲ ਨਾਲ ਨੇਪਰੇ ਚੜ੍ਹਾਏ ਜਾਣ। ਉਨ੍ਹਾਂ ਦੱਸਿਆ ਕਿ ਅੱਜ ਲੁਧਿਆਣਾ ਤੋਂ ਇਨ੍ਹਾਂ ਖੇਡਾਂ ਬਾਰੇ ਜਾਗਰੂਕਤਾ ਹਿੱਤ ਮਸ਼ਾਲ ਮਾਰਚ ਆਰੰਭ ਹੋ ਗਈ ਹੈ ਜੋ ਕਿ 27 ਅਗਸਤ ਨੂੰ ਸੰਗਰੂਰ ਪੁੱਜੇਗੀ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ 1 ਸਤੰਬਰ ਤੋਂ ਆਰੰਭ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਲਈ ਨਿਰਧਾਰਿਤ ਸਥਾਨਾਂ ਉੱਤੇ ਸਮੁੱਚੇ ਪ੍ਰਬੰਧਾਂ ਬਾਰੇ ਅਗੇਤੇ ਤੌਰ ’ਤੇ ਜਾਇਜ਼ਾ ਲੈਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਕਾਲਜ ਪ੍ਰਿੰਸੀਪਲਾਂ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਆਨਲਾਈਨ ਅਤੇ ਆਫਲਾਈਨ ਮੋਡ ਉੱਤੇ ਕੀਤੀ ਜਾਣ ਵਾਲੀ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਤਹਿਤ ਖੋ ਖੋ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਐਥਲੈਟਿਕਸ, ਫੁੱਟਬਾਲ, ਵਾਲੀਬਾਲ (ਸ਼ੂਟਿੰਗ) ਅਤੇ ਵਾਲੀਬਾਲ (ਸਮੈਸਿੰਗ) ਦੇ ਮੁਕਾਬਲੇ ਕਰਵਾਏ ਜਾਣਗੇ।