ਤਿੰਨ ਕਿਸਾਨ ਜਥੇਬੰਦੀਆਂ ਵੱਲੋਂ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ
ਪੱਤਰ ਪ੍ਰੇਰਕ
ਮਾਨਸਾ, 4 ਮਾਰਚ
ਪੰਜਾਬ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਭਾਕਿਯੂ (ਏਕਤਾ ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਵੱਲੋਂ ਐਮਐਸਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਭੱਜਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ 5 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਮਾਰਚ ਕਰਨ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।
ਜਥੇਬੰਦੀਆਂ ਦੇ ਪ੍ਰਧਾਨ ਕ੍ਰਮਵਾਰ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਅਤੇ ਡਾ. ਦਰਸ਼ਨਪਾਲ ਨੇ ਦੱਸਿਆ ਕਿ ਇਸ ਵਿਸ਼ਾਲ ਰੋਸ ਐਕਸ਼ਨ ਦੀਆਂ ਮੁੱਖ ਮੰਗਾਂ ਵਿੱਚ ਕਾਲੇ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਦੀਆਂ ਲਟਕਦੀਆਂ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਵਿੱਚ ਸਭ ਫਸਲਾਂ ਦੀ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਾਰਤ ਨੂੰ ਡਬਲਯੂਟੀਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਮੰਤਰੀਆਂ ਖ਼ਿਲਾਫ਼ ਕਾਰਵਾਈ, ਦਿੱਲੀ ਘੋਲ਼ ਅਤੇ ਮੌਜੂਦਾ ਦੋਨਾਂ ਬਾਰਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਵੀ ਸ਼ਾਮਲ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਮੰਨਵਾਉਣ ਲਈ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਵੱਲੋਂ ਕੀਤੀ ਜਾਣ ਵਾਲੀ ਮੁਲਕ ਪੱਧਰੀ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦੀਆਂ ਵੀ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਜਥੇਬੰਦੀ ਦੀਆਂ ਜ਼ਿਲ੍ਹਾ ਇਕਾਈਆਂ ਵੱਲੋਂ 5 ਮਾਰਚ ਦੇ ਇਸ ਜ਼ਿਲ੍ਹਾ ਪੱਧਰੀ ਧਰਨਿਆਂ ਦੀ ਮੁਕੰਮਲ ਤਿਆਰੀ ਹੋਣ ਦੇ ਦਾਅਵੇ ਕਰਦੀਆਂ ਸੂਚਨਾਵਾਂ ਅੱਜ ਸ਼ਾਮ ਤੱਕ ਭੇਜ਼ ਦਿੱਤੀਆਂ ਗਈਆਂ ਹਨ, ਜਿਸ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ ਧਰਨਿਆਂ ਲਈ ਨੌਜਵਾਨਾਂ,ਕਿਸਾਨਾਂ ਅਤੇ ਮਾਈਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।