ਸਾਂਝਾ ਫੋਰਮ ਵੱਲੋਂ ਰੇਲ ਰੋਕੋ ਧਰਨੇ ਦੀਆਂ ਤਿਆਰੀਆਂ ਮੁਕੰਮਲ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਅਕਤੂਬਰ
ਦਿੱਲੀ ਮੋਰਚਾ-2 ਵਾਲੇ ਸਾਂਝੇ ਫੋਰਮ ਵੱਲੋਂ ਭਲਕੇ 3 ਅਕਤੂਬਰ ਨੂੰ ਦੇਸ਼ ਵਿਆਪੀ ਰੇਲ ਚੱਕਾ ਜਾਮ ਐਕਸ਼ਨ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਜ਼ਿਲ੍ਹੇ ਭਰ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਪ੍ਰਚਾਰ ਤੇ ਲਾਮਬੰਦੀ ਤਿਆਰੀ ਮੁਹਿੰਮ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਅੱਜ ਵੇਰਕਾ ਮਿਲਕ ਪਲਾਂਟ ਫਿਰੋਜ਼ਪੁਰ ਰੋਡ ਨੇੜੇ ਕੀਤੀ ਜ਼ਿਲ੍ਹਾ ਕਮੇਟੀ ਮੀਟਿੰਗ ਮਰਗੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ ਵੱਖ ਆਗੂਆਂ ਜਸਦੇਵ ਸਿੰਘ ਲਲਤੋਂ, ਬਲਜੀਤ ਸਿੰਘ ਸਵੱਦੀ, ਰਣਜੀਤ ਸਿੰਘ ਗੁੜੇ, ਅਮਰੀਕ ਸਿੰਘ ਤਲਵੰਡੀ, ਗੁਰਸੇਵਕ ਸਿੰਘ ਸੋਨੀ ਸਵੱਦੀ ਤੇ ਡਾ. ਗੁਰਮੇਲ ਸਿੰਘ ਗੁੜੇ ਨੇ ਰੇਲ ਰੋਕੋ ਪ੍ਰੋਗਰਾਮ ਦੀ ਸਫ਼ਲਤਾ ਲਈ ਵਰਕਰਾਂ ਨੂੰ ਲਾਮਬੰਦ ਕਰਦਿਆਂ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ। ਉਨ੍ਹਾਂ ਦੱਸਿਆ ਕਿ ਲਖੀਮਪੁਰ ਖੀਰੀ ਕਤਲਕਾਂਡ ਦੇ ਪੰਜ ਸ਼ਹੀਦਾਂ ਤੀਜੀ ਬਰਸੀ ਮੌਕੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਤੇ ਜ਼ਿਲ੍ਹੇ ਦੀਆਂ ਹੋਰ ਭਰਾਤਰੀ ਜਥੇਬੰਦੀਆਂ 12 ਤੋਂ 2 ਵਜੇ ਤੱਕ ਰੇਲਵੇ ਪੁਲ ਮੁੱਲਾਂਪੁਰ ਹੇਠ ਰੇਲਾਂ ਦਾ ਚੱਕਾ ਜਾਮ ਕਰਨਗੀਆਂ।