ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਤਿਆਰੀਆਂ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ 4 ਸਤੰਬਰ ਅਤੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਮਹਿਤਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਹੋਣਗੇ। ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 15 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ।