ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ’ਚ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ
ਪਾਲ ਸਿੰਘ ਨੌਲੀ
ਜਲੰਧਰ, 21 ਅਕਤੂਬਰ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਰਾਹੀਂ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਨੇ ਕਿਹਾ ਕਿ ਕਿ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਵਾਰ-ਵਾਰ ਮੀਟਿੰਗਾਂ ਲਈ ਸਮਾਂ ਦੇ ਕੇ ਭੱਜਣ ਦੇ ਖਿਲਾਫ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਅੰਦਰ ਹੋ ਰਹੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ।
ਇਸ ਸਬੰਧੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਭਜਨ ਸਿੰਘ ਗਿੱਲ, ਸਵਿੰਦਰ ਪਾਲ ਸਿੰਘ ਮੋਲੋਵਾਲੀ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ, ਬਾਜ ਸਿੰਘ ਖਹਿਰਾ, ਹਰਦੀਪ ਸਿੰਘ ਟੋਡਰਪੁਰ, ਰਘਵੀਰ ਸਿੰਘ, ਪ੍ਰਵੀਨ ਕੁਮਾਰ, ਜਗਦੀਸ਼ ਸਿੰਘ ਚਾਹਲ, ਰਾਧੇ ਸ਼ਾਮ, ਬੋਬਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਤਹਿਤ 3 ਨਵੰਬਰ ਨੂੰ ਚੱਬੇਵਾਲ, 7 ਨਵੰਬਰ ਨੂੰ ਗਿੱਦੜਬਾਹਾ, 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਅਤੇ 10 ਨਵੰਬਰ ਨੂੰ ਬਰਨਾਲਾ ਵਿਧਾਨ ਸਭਾ ਹਲਕਿਆਂ ਅੰਦਰ ਝੰਡਾ ਮਾਰਚ ਕੀਤੇ ਜਾਣਗੇ। ਆਗੂਆਂ ਆਖਿਆ ਕਿ ਝੰਡਾ ਮਾਰਚ ਦੌਰਾਨ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਕਚਹਿਰੀ ਵਿੱਚ ਨੰਗਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 25-26 ਅਕਤੂਬਰ ਨੂੰ ਜ਼ਿਲ੍ਹਾ ਇਕਾਈਆਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 28-29 ਅਕਤੂਬਰ ਨੂੰ ਸਮੁੱਚੇ ਪੰਜਾਬ ਅੰਦਰ ਥਾਂ- ਥਾਂ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।