ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਤਿਆਰੀਆਂ ਮੁਕੰਮਲ: ਸਿਵਲ ਸਰਜਨ
ਨਿੱਜੀ ਪੱਤਰ ਪ੍ਰੇਰਕ
ਖੰਨਾ, 26 ਜੁਲਾਈ
ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੀਆਂ ਹਦਾਇਤਾਂ ਅਤੇ ਐਸ.ਐਮ.ਓ ਡਾ.ਰਵੀ ਦੱਤ ਦੀ ਅਗਵਾਈ ਹੇਠਾਂ ਬਾਰਿਸ਼ਾਂ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਡਾ. ਦੱਤ ਨੇ ਦੱਸਿਆ ਕਿ ਬਾਰਿਸ਼ਾਂ ਦੇ ਦਨਿਾਂ ਵਿਚ ਵੱਖ ਵੱਖ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ ਕਿਉਂਕਿ ਘਰਾਂ ਦੇ ਆਲੇ ਦੁਆਲੇ, ਛੱਤਾਂ ’ਚ ਪਏ ਕਬਾੜ, ਗਮਲਿਆਂ ਆਦਿ ਵਿਚ ਬਾਰਿਸ਼ਾਂ ਦਾ ਪਾਣੀ ਖੜ੍ਹ ਜਾਣ ਕਾਰਨ ਮੱਛਰ ਪੈਦਾ ਹੋ ਜਾਂਦਾ ਹੈ ਜੋ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦਾ ਕਾਰਨ ਬਣਦਾ ਹੈ। ਇਸ ਲਈ ਜ਼ਰੂਰੀ ਹੈ ਕਿ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ, ਕੂਲਰਾਂ, ਫਰਿੱਜਾਂ ਆਦਿ ਦੀ ਸਫਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮੱਛਰ ਤੋਂ ਬਚਾਅ ਲਈ ਮੱਛਰਦਾਨੀ, ਮੱਛਰ ਭਜਾਉਣ ਵਾਲੇ ਯੰਤਰਾਂ ਆਦਿ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੇ ਇਲਾਜ ਲਈ ਹਸਪਤਾਲ ਵਿਚ ਵੱਖਰੇ ਬੈੱਡ ਤਿਆਰ ਕੀਤੇ ਗਏ ਹਨ ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਮੌਕੇ ਗੁਰਦੀਪ ਸਿੰਘ, ਗੁਰਮਿੰਦਰ ਸਿੰਘ ਅਤੇ ਜਗਦੀਪ ਸਿੰਘ ਆਦਿ ਹਾਜ਼ਰ ਸਨ।