ਦਿੱਲੀ ਮੋਰਚੇ ਦੀ ਵਰ੍ਹੇਗੰਢ ਮਨਾਉਣ ਸਬੰਧੀ ਤਿਆਰੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 23 ਨਵੰਬਰ
ਪੰਜਾਬ ਕਿਸਾਨ ਯੂਨੀਅਨ ਬਲਾਕ ਰਾਏਕੋਟ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਿੱਥੇ ਪ੍ਰੋਗਰਾਮ ਅਨੁਸਾਰ 26 ਨਵੰਬਰ ਨੂੰ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕੀਤੇ ਅੰਦੋਲਨ ਦੀ ਚੌਥੀ ਵਰ੍ਹੇਗੰਢ ਮਨਾਉਣ ਦੀ ਵਿਉਂਤਬੰਦੀ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਨੇ ਕੀਤੀ। ਮੀਟਿੰਗ ਵਿੱਚ ਪਾਸ ਪ੍ਰਸਤਾਵ ਵਿੱਚ ਸਭ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਬਿਜਲੀ ਸੋਧ ਬਿੱਲ 2022 ਵਾਪਸ ਲੈਣ, ਭੂਮੀ ਗ੍ਰਹਿਣ ਕਾਨੂੰਨ 2013 ਦੀ ਉਲੰਘਣਾ ਬੰਦ ਕਰਨ, ਸਰਕਾਰੀ ਖ਼ਰਚੇ ‘ਤੇ ਫ਼ਸਲ ਬੀਮਾ ਯੋਜਨਾ ਲਾਗੂ ਕਰਨ, ਖਾਦਾਂ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਅਨਾਜ ਉਪਰ ਮਿਲ ਰਹੀ ਸਬਸਿਡੀ ਘਟਾਉਣ ਦਾ ਫ਼ੈਸਲਾ ਵਾਪਸ ਲੈਣ, 44 ਕਿਰਤ ਕਾਨੂੰਨਾਂ ਦੀ ਥਾਂ ਬਣਾਏ ਚਾਰ ਲੇਬਰ ਕੋਡ ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਲੋਕ ਵਿਰੋਧੀ ਸਮਾਰਟ ਮੀਟਰ ਬੰਦ ਕਰਨ, ਮਨਰੇਗਾ ਮਜ਼ਦੂਰਾਂ ਨੂੰ ਘੱਟੋ-ਘੱਟ 200 ਦਿਨ ਦੀ ਗਾਰੰਟੀ ਦੀ ਮੰਗ ਕੀਤੀ।
ਕਿਸਾਨ ਆਗੂਆਂ ਨੇ ਬਠਿੰਡਾ ਜ਼ਿਲ੍ਹੇ ਵਿੱਚ ਪੁਲੀਸ ਵੱਲੋਂ ਕਿਸਾਨਾਂ ਉਪਰ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਸੂਬਾਈ ਮੀਤ ਪ੍ਰਧਾਨ ਡਾਕਟਰ ਗੁਰਚਰਨ ਸਿੰਘ ਰਾਏਕੋਟ, ਅਜਮੇਰ ਸਿੰਘ, ਜਸਵਿੰਦਰ ਸਿੰਘ ਲਾਡੀ ਜ਼ਿਲ੍ਹਾ ਮੀਤ ਪ੍ਰਧਾਨ, ਮਲਕੀਅਤ ਸਿੰਘ ਵਿੱਤ ਸਕੱਤਰ ਮੋਹਨ ਸਿੰਘ ਵੜਿੰਗ ਨੇ ਵੀ ਸੰਬੋਧਨ ਕੀਤਾ।