For the best experience, open
https://m.punjabitribuneonline.com
on your mobile browser.
Advertisement

ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਅਣਗੌਲਿਆ ਕੀਤਾ: ਭਗਵੰਤ ਮਾਨ

10:28 AM Sep 08, 2024 IST
ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਅਣਗੌਲਿਆ ਕੀਤਾ  ਭਗਵੰਤ ਮਾਨ
ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 7 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿੱਚ ਮਿਉਂਸਿਪਲ ਭਵਨ ਵਿੱਚ 293 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਦੇ ਨਿਯੁਕਤੀ ਪੱਤਰ ਸੌਂਪੇ ਗਏ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਲੋਕ ਹਿੱਤ ਦੇ ਮਿਸਾਲੀ ਕੰਮ ਕੀਤੇ ਗਏ ਹਨ, ਜਿਸ ਕਾਰਨ ਲੋਕਾਂ ਦਾ ਸੂਬਾ ਸਰਕਾਰ ਵਿੱਚ ਵਿਸ਼ਵਾਸ ਵਧਿਆ ਹੈ। ਇਸ ਕਾਰਨ ਸੂਬੇ ਦੇ ਕਰ ਮਾਲੀਏ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਅਣਗੌਲਿਆ ਕਰ ਦਿੱਤਾ ਸੀ। ਇਸ ਕਰਕੇ ਵੱਡੀ ਗਿਣਤੀ ਵਿੱਚ ਸਰਕਾਰੀ ਆਸਾਮੀਆਂ ਕਾਨੂੰਨੀ ਅੜਿੱਕਿਆਂ ਵਿੱਚ ਅਟਕੀਆਂ ਰਹੀਆਂ ਸਨ ਪਰ ‘ਆਪ’ ਸਰਕਾਰ ਨੇ 30 ਮਹੀਨਿਆਂ ਵਿੱਚ 44,974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਢਾਈ ਸਾਲਾਂ ਦੌਰਾਨ ਪੰਜਾਬ ਵਿੱਚ 18 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਟੌਲ ਪਲਾਜ਼ਿਆਂ ਦੇ ਮਾਲਕਾਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਜਿਸ ਦੀ ਲੋਕ ਹਿੱਤਾਂ ਕਾਰਨ ਮਿਆਦ ਵਧਾਈ ਨਹੀਂ ਗਈ। ਸੂਬੇ ਵਿੱਚ 18 ਟੌਲ ਪਲਾਜ਼ੇ ਬੰਦ ਹੋਣ ਕਰਕੇ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੇ 30 ਹੋਰ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਲਈ ਸੂਬੇ ਵਿੱਚ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ’ਤੇ ਸੂਬਾ ਸਰਕਾਰ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੈਗਾ ਪੀਟੀਐਮ ’ਚ 20 ਲੱਖ ਮਾਪਿਆਂ ਨੇ ਹਿੱਸਾ ਲਿਆ ਸੀ। ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ।

Advertisement

ਲੁਧਿਆਣਾ ਦੇ ਭੈਣ-ਭਰਾ ਨੂੰ ਮਿਲੀ ਨੌਕਰੀ

ਪੰਜਾਬ ਦੇ ਸਿਹਤ ਮਹਿਕਮੇ ਵਿੱਚ ਅੱਜ ਲੁਧਿਆਣਾ ਦੇ ਵਸਨੀਕ ਭੈਣ-ਭਰਾ ਨੂੰ ਇਕੱਠੇ ਨੌਕਰੀ ਮਿਲੀ ਹੈ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕੱਠੇ ਨਿਯੁਕਤੀ ਪੱਤਰ ਸੌਂਪੇ ਗਏ। ਜਾਣਕਾਰੀ ਅਨੁਸਾਰ ਲੁਧਿਆਣਾ ਦੀ ਸ਼ਿਵਾਨੀ ਸ਼ਰਮਾ ਤੇ ਰੋਹਿਤ ਕੁਮਾਰ ਦੀ ਨਿਯੁਕਤੀ ਸਿਹਤ ਵਿਭਾਗ ਵਿੱਚ ਬਤੌਰ ਆਪਥੈਲਮਿਕ ਅਫਸਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਵੱਲੋਂ ਇਕੋ ਦਿਨ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਦੋਵਾਂ ਭੈਣ ਭਰਾ ਨੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਐੱਮਐੱਲਟੀ-2 ਨਿਯੁਕਤ ਹੋਈ ਖਰੜ ਤੋਂ ਗੁਰਦੀਪ ਕੌਰ ਆਪਣੇ ਨਵਜੰਮੇ ਬੱਚੇ ਨਾਲ ਸ਼ਾਮਲ ਹੋਈ। ਉਸ ਨੇ ਵੀ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ’ਤੇ ਧੰਨਵਾਦ ਕੀਤਾ।

Advertisement

Advertisement
Author Image

sanam grng

View all posts

Advertisement