ਪ੍ਰਧਾਨ ਮੰਤਰੀ ਵਾਅਦੇ ਕਰਦੇ ਨੇ ਪਰ ਪੂਰੇ ਨਹੀਂ ਕਰਦੇ: ਰਾਕੇਸ਼ ਟਿਕੈਤ
ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 27 ਜਨਵਰੀ
ਯੂਨਾਈਟਿਡ ਇੰਡੀਅਨ ਫਾਰਮਰਜ਼ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਅੰਦੋਲਨ ਭਾਵੇਂ ਕੋਈ ਵੀ ਹੋਵੇ, ਉਹ ਉਦੋਂ ਹੀ ਸਫ਼ਲ ਹੁੰਦਾ ਹੈ ਜਦੋਂ ਉਸ ਨੂੰ ਕਿਸਾਨ ਯੂਨੀਅਨ ਦੇ ਪਲੇਟਫਾਰਮ ’ਤੇ ਚਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਚਾਰਧਾਰਾਵਾਂ ਨਾਲ ਹੀ ਅੰਦੋਲਨ ਚਲਾਏ ਜਾਦੇ ਹਨ। ਟਿਕੈਤ ਅੱਜ ਅਚਾਨਕ ਚੀਕਾ ਪੁੱਜੇ ਅਤੇ ਇੱਥੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਕੇਂਦਰ ਅਤੇ ਸੂਬਾਈ ਸਰਕਾਰਾਂ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ, ਜਿਸ ਕਾਰਨ ਉਹ ਕਿਸਾਨਾਂ ਨਾਲ ਗੱਲ ਕਰਨ ਨੂੰ ਵੀ ਤਿਆਰ ਨਹੀਂ ਹਨ ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਵਾਅਦੇ ਕਰਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਨਹੀਂ ਕਰਦੇ ਤਾਂ ਫਿਰ ਕਿਸ ਤੋਂ ਉਮੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਵੱਡੇ ਸਰਮਾਏਦਾਰ ਘਰਾਣਿਆਂ ਦੇ ਕਬਜ਼ੇ ਹੇਠ ਹੈ ਅਤੇ ਸਰਕਾਰਾਂ ਦੇ ਫੈਸਲੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਚਲਾਇਆ ਜਾ ਰਿਹਾ ਕਿਸਾਨ ਅੰਦੋਲਨ ਹੌਲੀ-ਹੌਲੀ ਮਜ਼ਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ, ਨਹੀਂ ਤਾਂ ਅੱਜ ਨਹੀਂ ਤਾਂ ਕੱਲ੍ਹ ਸਰਕਾਰ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਹ ਅੱਜ ਇੱਥੇ ਪਿੰਡ ਬਦਸੂਈ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਿਹਾ ਧਰਨਾ ਸਮੁੱਚੀ ਐੱਸਕੇਐੱਮ ਦਾ ਅੰਦੋਲਨ ਨਹੀਂ ਸਗੋਂ ਇਕ ਕਮੇਟੀ ਦਾ ਹੈ ਅਤੇ ਅਸੀਂ ਇਸ ਅੰਦੋਲਨ ਨੂੰ ਐੱਸਕੇਐੱਮ ਕਿਸਾਨ ਵਜੋਂ ਪੂਰਾ ਸਹਿਯੋਗ ਦੇ ਰਹੇ ਹਾਂ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਜਥੇਬੰਦੀ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਫਰਵਰੀ ਵਿੱਚ ਉੱਤਰ ਪ੍ਰਦੇਸ਼ ਵਿੱਚ 11 ਮਹਾਂਪੰਚਾਇਤਾਂ ਦਾ ਆਯੋਜਨ ਕਰੇਗੀ। ਉਨ੍ਹਾਂ ਕਿਹਾ ਕਿ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਇਸ ਮੌਕੇ ਇਲਾਜ ’ਤੇ ਹਨ ਅਤੇ ਉਨ੍ਹਾਂ ਦੀ ਕਮੇਟੀ ਦੀ 14 ਫਰਵਰੀ ਨੂੰ ਸਰਕਾਰ ਨਾਲ ਮੀਟਿੰਗ ਹੋਵੇਗੀ ਅਤੇ ਅਸੀਂ ਉਸ ਕਮੇਟੀ ਵਿੱਚ ਸ਼ਾਮਲ ਨਹੀਂ ਹਨ। ਸਾਡੇ ਵੱਲੋਂ ਛੇ ਮੈਂਬਰੀ ਕਮੇਟੀ ਨੂੰ ਸਾਰੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਭੁੱਖ ਹੜਤਾਲ ’ਤੇ ਬੈਠੇ ਕਿਸਾਨਾਂ ’ਤੇ ਕੋਈ ਅੱਤਿਆਚਾਰ ਕਰਦੀ ਹੈ ਤਾਂ ਅਸੀਂ ਉਨ੍ਹਾਂ ਦੇ ਨਾਲ ਹੋਵਾਂਗੇ।