ਪ੍ਰਧਾਨ ਮੰਤਰੀ ਮੋਦੀ ਨੇ ਲੂ ਤੋਂ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ
ਨਵੀਂ ਦਿੱਲੀ, 11 ਅਪਰੈਲ
ਗਰਮੀਆਂ ਦੇ ਮਹੀਨਿਆਂ ਵਿੱਚ ਬਹੁਤ ਜ਼ਿਆਦਾ ਖ਼ਰਾਬ ਮੌਸਮ ਦੀ ਪੇਸ਼ੀਨਗੋਈ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੂ ਤੋਂ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੇਂਦਰੀ, ਸੂਬਾਈ ਤੇ ਜ਼ਿਲ੍ਹਾ ਪੱਧਰ ’ਤੇ ਸਰਕਾਰ ਦੇ ਸਾਰੇ ਅੰਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਕ ਅਧਿਕਾਰਤ ਬਿਆਨ ਮੁਤਾਬਕ ਮੋਦੀ ਨੇ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਅਪਰੈਲ ਤੋਂ ਜੂਨ ਮਹੀਨਿਆਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਤਾਪਮਾਨ ਰਹਿਣ ਅਤੇ ਕੇਂਦਰੀ ਪੱਛਮੀ ਪ੍ਰਾਇਦੀਪ ਭਾਰਤ ਵਿੱਚ ਵੀ ਅਜਿਹੇ ਹਾਲਾਤ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਜ਼ਰੂਰੀ ਦਵਾਈਆਂ, ਤਰਲ ਪਦਾਰਥਾਂ, ਆਈਸ ਪੈਕ, ਓਆਰਐੱਸ ਅਤੇ ਪੀਣ ਵਾਲੇ ਪਾਣੀ ਦੇ ਸੰਦਰਭ ਵਿੱਚ ਸਿਹਤ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਟੈਲੀਵਿਜ਼ਨ, ਰੇਡੀਓ ਅਤੇ ਸੋਸ਼ਲ ਮੀਡੀਆ ਵਰਗੇ ਸਾਰੇ ਪਲੈਟਫਾਰਮਾਂ ਰਾਹੀਂ ਵਿਸ਼ੇਸ਼ ਤੌਰ ’ਤੇ ਖੇਤਰੀ ਭਾਸ਼ਾਵਾਂ ਵਿੱਚ ਜ਼ਰੂਰੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਜਾਗਰੂਕਤਾ ਸਮੱਗਰੀ ਦੇ ਸਮੇਂ ਸਿਰ ਪ੍ਰਸਾਰ ’ਤੇ ਜ਼ੋਰ ਦਿੱਤਾ ਗਿਆ। -ਪੀਟੀਆਈ