ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਜ਼ੈੱਡ ਮੋੜ ਸੁਰੰਗ ਦਾ ਉਦਘਾਟਨ
ਸ੍ਰੀਨਗਰ, 12 ਜਨਵਰੀ
ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ’ਚ ਰਣਨੀਤਕ ਤੌਰ ’ਤੇ ਅਹਿਮ ਜ਼ੈੱਡ ਮੋੜ ਸੁਰੰਗ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਸ਼ਮੀਰ ਘਾਟੀ ਦੀ ਯਾਤਰਾ ਤੋਂ ਇੱਕ ਦਿਨ ਪਹਿਲਾਂ ਅੱਜ ਸੁਰੱਖਿਆ ਬਲਾਂ ਨੇ ਸੁਰੱਖਿਆ ਸਬੰਧੀ ਚੌਕਸੀ ਤੇ ਖੇਤਰ ਨੂੰ ਆਪਣੇ ਕੰਟਰੋਲ ਹੇਠ ਲੈਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੰਵੇਦਨਸ਼ੀਲ ਖੇਤਰਾਂ ’ਚ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਮਹੱਤਵਪੂਰਨ ਚੌਕਾਂ ’ਤੇ ਦਰਜਨਾਂ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ ਵਿਰੋਧੀ ਤੱਤ ਸ਼ਰ੍ਹੇਆਮ ਨਾਲ ਘੁੰਮ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ-ਨਾਲ ਦੋਪਹੀਆ ਵਾਹਨਾਂ ਸਮੇਤ ਵੱਖ ਵੱਖ ਗੱਡੀਆਂ ਦੀ ਜਾਂਚ ਤੇ ਤਲਾਸ਼ੀ ਵਧਾ ਦਿੱਤੀ ਗਈ ਹੈ ਅਤੇ ਗਸ਼ਤ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘ਜ਼ੈੱਡ ਮੋੜ ਸੁਰੰਗ ਨੇੜੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਐੱਸਪੀਜੀ ਕਰਮੀਆਂ ਵਾਲੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਟੀਮ ਨੇ ਪ੍ਰੋਗਰਾਮ ਵਾਲੀ ਥਾਂ ’ਤੇ ਮੋਰਚਾ ਸੰਭਾਲ ਲਿਆ ਹੈ।’ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਗਨਗੀਰ ’ਚ ਸੁਰੰਗ ਦੇ ਉਦਘਾਟਨ ਤੋਂ ਬਾਅਦ ਇੱਕ ਰੈਲੀ ਨੂੰ ਸੰਬੋਧਨ ਕਰ ਸਕਦੇ ਹਨ। ਇਸ ਥਾਂ ’ਤੇ ਹੁਣ ਆਮ ਲੋਕਾਂ ਦੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਮੱਦੇਨਜ਼ਰ ਭਲਕ ਤੱਕ ਸ੍ਰੀਨਗਰ-ਲੇਹ ਕੌਮੀ ਰਾਜਮਾਰਗ ਬੰਦ ਕਰ ਦਿੱਤਾ ਗਿਆ ਹੈ। -ਪੀਟੀਆਈ