ਪ੍ਰਧਾਨ ਮੰਤਰੀ ਦਾ ਅਮਰੀਕਾ ਪੁੱਜਣ ’ਤੇ ਨਿੱਘਾ ਸਵਾਗਤ
ਫਿਲਾਡੇਲਫੀਆ, 21 ਸਤੰਬਰ
ਅਮਰੀਕਾ ਦੇ ਤਿੰਨ ਰੋਜ਼ਾ ਦੌਰੇ ’ਤੇ ਇਥੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਭਾਰਤੀ ਭਾਈਚਾਰੇ ਨੇ ਨਿੱਘਾ ਸਵਾਗਤ ਕੀਤਾ। ਉਹ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਨਾਲ ਕੁਆਡ ਸਿਖ਼ਰ ਸੰਮੇਲਨ ’ਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਉਹ ਸੰਯੁਕਤ ਰਾਸ਼ਟਰ ਦੇ ਅਹਿਮ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਅਮਰੀਕੀ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਆਡ ਹਿੰਦ-ਪ੍ਰਸ਼ਾਂਤ ਖ਼ਿੱਤੇ ’ਚ ਸ਼ਾਂਤੀ ਅਤੇ ਖੁਸ਼ਹਾਲੀ ’ਤੇ ਧਿਆਨ ਕੇਂਦਰਤ ਕਰਨ ਵਾਲੇ ਸਮਾਨ ਵਿਚਾਰਧਾਰਾ ਵਾਲੇ ਅਹਿਮ ਮੰਚ ਵਜੋਂ ਉਭਰਿਆ ਹੈ। ਹਵਾਈ ਅੱਡੇ ’ਤੇ ਮੋਦੀ ਨੇ ਪਰਵਾਸੀ ਭਾਰਤੀਆਂ ਨਾਲ ਗੱਲਬਾਤ ਕੀਤੀ ਅਤੇ ਵੱਡੀ ਗਿਣਤੀ ਲੋਕਾਂ ਨੇ ਉਨ੍ਹਾਂ ਨਾਲ ਸੈਲਫ਼ੀਆਂ ਲਈਆਂ। ਬਾਅਦ ’ਚ ਪ੍ਰਧਾਨ ਮੰਤਰੀ ਨੇ ਐਕਸ ’ਤੇ ਕਿਹਾ ਕਿ ਉਨ੍ਹਾਂ ਕੁਆਡ ਸਿਖ਼ਰ ਸੰਮੇਲਨ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਦੁਵੱਲੀ ਮੀਟਿੰਗ ’ਤੇ ਧਿਆਨ ਕੇਂਦਰਤ ਕੀਤਾ ਹੋਇਆ ਹੈ। ਉਨ੍ਹਾਂ ਮੀਟਿੰਗਾਂ ਦੌਰਾਨ ਆਲਮੀ ਮਸਲਿਆਂ ਦੇ ਹਲ ਬਾਰੇ ਚਰਚਾ ਹੋਣ ਦੀ ਸੰਭਾਵਨਾ ਜਤਾਈ। ਮੋਦੀ ਨੇ ਦੱਸਿਆ ਕਿ ਭਲਕੇ ਰਾਤ ਸਾਢੇ 9 ਵਜੇ ਦੇ ਕਰੀਬ ਉਹ ਭਾਰਤੀ ਪਰਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨੇ ਐਕਸ ’ਤੇ ਕਿਹਾ, ‘ਭਾਰਤੀ ਭਾਈਚਾਰੇ ਨੇ ਅਮਰੀਕਾ ’ਚ ਖੁਦ ਨੂੰ ਸਥਾਪਤ ਕੀਤਾ ਹੈ ਜਿਸ ਨਾਲ ਵੱਖ ਵੱਖ ਖੇਤਰਾਂ ’ਚ ਹਾਂ-ਪੱਖੀ ਅਸਰ ਪਿਆ ਹੈ।’ ਉਨ੍ਹਾਂ ਕਿਹਾ ਕਿ ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੁੰਦੀ ਹੈ ਅਤੇ ਉਹ ਚਾਹੁੰਦੇ ਹਨ ਕਿ ਦੋਵਾਂ ਮੁਲਕਾਂ ਵਿਚਾਲੇ ਰਿਸ਼ਤੇ ਹੋਰ ਮਜ਼ਬੂਤ ਹੋਣ। -ਪੀਟੀਆਈ