ਜਸਵੰਤ ਜੱਸਫ਼ਰੀਦਕੋਟ, 12 ਮਾਰਚਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ ਤੇ ਮਰੀਜ਼ਾਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਹਸਪਤਾਲ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਵੱਲੋਂ ਸਿਵਲ ਸਰਜਨ ਦਫ਼ਤਰ ਵਿੱਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂ, ਆਯੂਸ਼ਮਾਨ ਆਰੋਗਿਆ ਕੇਂਦਰਾਂ, ਜ਼ੱਚਾ ਬੱਚਾ ਸੇਵਾਵਾਂ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਬਾਰੇ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਵਾਏ ਜਾਣ ਅਤੇ ਆਭਾ ਆਈ.ਡੀ ਬਣਾਈਆਂ ਜਾਣ। ਉਨ੍ਹਾਂ ਆਖਿਆ ਕਿ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ।ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਜ਼ਿਲ੍ਹੇ ਵਿੱਚ ਚੱਲਦੇ ਸਿਹਤ ਪ੍ਰੋਗਰਾਮਾਂ ਬਾਰੇ ਉਨ੍ਹਾਂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਵੇਕ ਰਾਜੌਰਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਬਰਾੜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਰਵਦੀਪ ਰੋਮਾਣਾ, ਡਰੱਗ ਇੰਸਪੈਕਟਰ ਹਰਜਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ ਤੇ ਲਖਵਿੰਦਰ ਕੈਂਥ ਹਾਜ਼ਰ ਸਨ।